ਵਿਜੀਲੈਂਸ ਬਿਊਰੋ ਪੰਜਾਬ ਨੇ ਸ਼ੁੱਕਰਵਾਰ ਨੂੰ ਸੂਬੇ ਅੰਦਰ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਆਪਣੇ ਜਾਣਕਾਰ ਗੁਰਵਿੰਦਰ ਸਿੰਘ ਨੂੰ ਦਿੜ੍ਹਬਾ ਥਾਣੇ ਵਿੱਚ ਦਰਜ ਕੇਸ ਵਿੱਚ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਛੋਟੇ ਸਾਹਿਬਜ਼ਾਦਿਆਂ ਦੇ ਹੱਕ ‘ਚ ਬੋਲਣ ਵਾਲਾ ਨਵਾਬ ਵੰਸ ਖ਼ਤਮ, 8ਵੀਂ ਪੀੜ੍ਹੀ ਦੀ ਇਕਲੌਤੀ ਬੇਗਮ ਦਾ ਦਿਹਾਂਤ
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਮਗਰੋਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਪਟਿਆਲਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: