Dr. Oberoi makes : ਸੂਬੇ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਕਾਫੀ ਵੱਡੀ ਗਿਣਤੀ ਸਾਹਮਣੇ ਆ ਰਹੀ ਹੈ। ਜ਼ਹਿਰੀਲੀ ਸ਼ਰਾਬ ਕਾਰਨ ਬਹੁਤ ਸਾਰੀਆਂ ਔਰਤਾਂ ਵਿਧਵਾ ਹੋ ਗਈਆਂ ਅਤੇ ਬਹੁਤ ਸਾਰੀਆਂ ਮਾਵਾਂ ਨੇ ਆਪਣੇ ਪੁੱਤ ਗੁਆ ਲਏ। ਇਨ੍ਹਾਂ ਵਿਚੋਂ ਜ਼ਿਆਦਾਤਰ ਪਰਿਵਾਰ ਗਰੀਬ ਤਬਕੇ ਨਾਲ ਸਬੰਧਤ ਹਨ। ਇਨ੍ਹਾਂ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਜ਼ਹਿਰੀਲੀ ਸ਼ਰਾਬ ਕਾਰਨ ਵਿਧਵਾ ਹੋਈਆਂ ਔਰਤਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ।
ਓਬਰਾਏ ਨੇ ਵਿਧਵਾ ਹੋਈਆਂ ਤੇ ਆਪਣੇ ਪੁੱਤਰ ਗੁਆ ਚੁੱਕੀਆਂ ਔਰਤਾਂ ਲਈ ਮਹੀਨਾਵਾਰ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ ਤੇ ਬਟਾਲਾ ਵਿਖੇ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਮੁਤਾਬਕ ਇਸ ਹਾਦਸੇ ਵਿਚ ਜਾਨ ਗੁਆਉਣ ਵਾਲੇ ਜ਼ਿਆਦਾਤਰ ਵਿਅਕਤੀ ਮਜ਼ਦੂਰੀ ਕਰਦੇ ਹਨ ਤੇ ਬਹੁਤ ਸਾਰੇ ਪਰਿਵਾਰ ਅਜਿਹੇ ਵੀ ਹਨ ਜਿਨ੍ਹਾਂ ‘ਚ ਕਮਾਉਣ ਵਾਲਾ ਇਕੋ-ਇਕ ਵਿਅਕਤੀ ਸੀ, ਜਿਹੜਾ ਕਿ ਹੁਣ ਨਹੀਂ ਰਿਹਾ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਡਾ. ਓਬਰਾਏ ਵਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ ਆਪਣੇ ਪੁੱਤਰ ਜਾਂ ਸੁਹਾਗ ਗੁਆ ਚੁੱਕੀਆਂ ਔਰਤਾਂ ਨੂੰ ਘਰ ਦਾ ਖਰਚਾ ਚਲਾਉਣ ਲਈ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ ਵੀ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਿਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।