Education Department issues : ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਮਿਸ਼ਨ ਫਤਿਹ’ ਵਿੱਚ ਸਕੂਲ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡਾਇਰਕਟਰ ਐਸ.ਸੀ.ਈ.ਆਰ.ਟੀ. ਸ੍ਰੀ ਜਗਤਾਰ ਸਿੰਘ ਕੁਲੜੀਆ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ (ਸੈਕੰਡਰੀ ਸਿੱਖਿਆ ਤੇ ਐਲੀਮੈਂਟਰੀ ਸਿੱਖਿਆ) ਅਤੇ ਪ੍ਰਿੰਸੀਪਲਾਂ ਨੂੰ ਲਿਖੇ ਪੱਤਰੀ ਵਿੱਚ ਕਿਹਾ ਕਿਹਾ ਗਿਆ ਹੈ ਕਿ ਸਰਕਾਰ ਦੇ ‘ਮਿਸ਼ਨ ਫਤਿਹ’ ਹੇਠ ਕੋਰੋਨਾ ਦੀ ਬਿਮਾਰੀ ਦੇ ਸਬੰਧ ਵਿੱਚ ਲੋਕਾਂ ਦੇ ਵਿਵਹਾਰ ਵਿੱਚ ਤਬਦੀਲੀ ਲਿਆਉਣ ਵਿੱਚ ਅਧਿਕਾਰੀਆਂ, ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਵੱਲੋਂ ਆਪਣੀ ਜ਼ਿੰਮੇਵਾਰੀ ਨੂੰ ਪੁਖਤਾ ਤਰੀਕੇ ਨਾਲ ਪੂਰਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਭਾਵੇਂ ਸੂਬਾ ਸਰਕਾਰ ਵਲੋਂ ਲੌਕਡਾਊਨ ਵਿਚ ਢਿੱਲ ਦਿੱਤੀ ਗਈ ਹੈ ਪਰ ਲੋਕਾਂ ਵਲੋਂ ਪ੍ਰਸ਼ਾਸਨ ਵਲੋਂ ਬਣਾਏ ਨਿਯਮਾਂ ਦਾ ਸਹੀ ਤਰੀਕੇ ਨਾਲ ਪਾਲਣ ਨਹੀਂ ਕੀਤਾ ਜਾ ਰਿਹਾ। ਅਜਿਹੇ ਵਿਚ ਸਿੱਖਿਆ ਵਿਭਾਗ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਛੋਟਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਆਪਣੇ ਕਾਰੋਬਾਰ, ਦਫ਼ਤਰੀ ਕੰਮਕਾਜ, ਸਿੱਖਿਆ ਸਬੰਧੀ ਗਤੀਵਿਧੀਆਂ ਅਤੇ ਹੋਰ ਲੋੜੀਂਦੇ ਕਾਰਜ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਸਿੱਖਿਆ ਵਿਭਾਗ ਵੱਲੋਂ ‘ਮਿਸ਼ਨ ਫਤਿਹ’ ਮੁਹਿੰਮ ਵਿਚ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦੇ ਹੋਏ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਕਿਹਾ ਗਿਆ ਹੈ। ਕੋਰੋਨਾ ਵਾਇਰਸ ਤੋਂ ਬਚਾਅ ਲਈ ਵਰਤੀਆ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੰਜਾਬ ਸਰਕਾਰ ਵੱਲੋਂ ਵੀਡੀਓ ਅਤੇ ਪੋਸਟਰਾਂ ਰਾਹੀਂ ਜਾਰੀ ਸੰਦੇਸ਼ਾਂ ਨੂੰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪੁੱਜਦਾ ਕਰਨ ਅਤੇ ਸਿੱਖਿਆ ਵਿਭਾਗ ਦੀਆਂ ਵੈਬਸਾਈਟਾਂ ‘ਤੇ ਮਿਸ਼ਨ ਫਤਿਹ’ ਦਾ ਲੋਗੋ ਲਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਮੋਬਾਇਲ ‘ਤੇ ਕੋਵਾ ਐਪ ਡਾਊਨਲੋਡ ਕਰਨ ਸਬੰਧੀ ਜਾਗਰੂਕ ਕੀਤਾ ਜਾਵੇ ਤੇ ਲੋਕਾਂ ਨੂੰ ਦੱਸਿਆ ਜਾਵੇ ਕਿ ਇਸ ਐਪ ਰਾਹੀਂ ਉਹ ਕਿਹੜੇ-ਕਿਹੜੇ ਫਾਇਦੇ ਲੈ ਸਕਦੇ ਹਨ।