Fed up with : ਫਿਰੋਜ਼ਪੁਰ : ਕੋਵਿਡ-19 ਕਾਰਨ ਬਹੁਤ ਸਾਰੇ ਲੋਕ ਬੇਰੋਜ਼ਗਾਰ ਹੋਏ ਹਨ ਜਿਸ ਤੋਂ ਤੰਗ ਆ ਕੇ ਬਹੁਤੇ ਨੌਜਵਾਨਾਂ ਵਲੋਂ ਖੁਦਕੁਸ਼ੀ ਦਾ ਰਾਹ ਅਪਣਾਇਆ ਜਾ ਰਿਹਾ ਹੈ। ਅਜਿਹਾ ਹੀ ਇਕ ਮਾਮਲਾ ਜਿਲ੍ਹਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ ਜਿਥੇ 27 ਸਾਲਾ ਨੌਜਵਾਨ ਨੇ ਬੇਰੋਜ਼ਗਾਰੀ ਤੇ ਕਰਜ਼ੇ ਕਾਰਨ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਕੋਰੋਨਾ ਕਾਲ ਵਿਚ ਬਹੁਤ ਸਾਰੇ ਲੋਕਾਂ ਦੀ ਆਰਥਿਕ ਸਥਿਤੀ ਬਹੁਤ ਹੀ ਕਮਜ਼ੋਰ ਹੋ ਗਈ ਹੈ। ਭਾਵੇਂ ਸੂਬਾ ਸਰਕਾਰ ਵਲੋਂ ਹਰ ਘਰ ਵਿਚ ਨੌਕਰੀ, ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਕੀਤੇ ਜਾ ਰਹੇ ਹਨ ਪਰ ਇਹ ਸਾਰੇ ਦਾਅਵੇ ਖੋਖਲੇ ਹਨ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ 27 ਸਾਲਾ ਲਵਪ੍ਰੀਤ ਵਜੋਂ ਹੋਈ ਹੈ। ਉਹ ਵਕੀਲ ਕੋਲ ਮੁਨਸ਼ੀ ਦਾ ਕੰਮ ਕਰਦਾ ਸੀ ਪਰ ਲੌਕਡਾਊਨ ਕਾਰਨ ਉਹ ਬੇਰੋਜ਼ਗਾਰ ਹੋ ਗਿਆ ਸੀ। ਉਸ ਦੇ ਪਿਤਾ ਵਲੋਂ ਕੁੜੀਆਂ ਦੇ ਵਿਆਹ ਵਾਸਤੇ 4 ਲੱਖ ਦਾ ਕਰਜ਼ਾ ਵੀ ਬੈਂਕ ਕੋਲੋਂ ਲਿਆ ਗਿਆ ਸੀ ਤੇ ਹੁਣ ਬੈਂਕ ਵਾਲੇ ਕਰਜ਼ਾ ਵਾਪਸ ਲੈਣ ਲਈ ਉਨ੍ਹਾਂ ਨੂੰ ਬਹੁਤ ਤੰਗ ਤੇ ਪ੍ਰੇਸ਼ਾਨ ਕਰ ਰਹੇ ਸਨ ਪਰ ਉਨ੍ਹਾਂ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਸੀ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਰਹਿਣ ਲੱਗਾ ਸੀ।
ਹਾਲਾਤਾਂ ਤੋਂ ਤੰਗ ਆ ਕੇ ਉਸ ਨੇ ਜ਼ਹਿਰੀਲੀ ਚੀਜ਼ ਖਾ ਲਈ। ਪਰ ਸੁਸਾਈਡ ਕਰਨ ਤੋਂ ਪਹਿਲਾਂ ਉਸ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਦੱਸਿਆ ਕਿ ਉਸ ਦੀ ਮੌਤ ਦਾ ਜ਼ਿੰਮੇਵਾਰ ਉਹ ਖੁਦ ਹੈ ਤੇ ਉਸ ਨੂੰ ਇਸ ਗੱਲ ਦਾ ਵੀ ਦੁੱਖ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਵਾਸਤੇ ਕੁਝ ਨਹੀਂ ਕਰ ਸਕਿਆ। ਉਹ ਬੇਰੋਜ਼ਗਾਰੀ ਅਤੇ ਕਰਜ਼ੇ ਤੋਂ ਤੰਗ ਆ ਕੇ ਇਹ ਕਦਮ ਚੁੱਕ ਰਿਹਾ ਹੈ।