Former Chief Minister : ਸ੍ਰੀ ਮੁਕਤਸਰ ਸਾਹਿਬ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਨਿੱਜੀ ਰਿਹਾਇਸ਼ ਪਿੰਡ ਬਾਦਲ ਤੋਂ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਕਰਕੇ ਲੰਬੀ ਹਲਕੇ ਦੇ ਪਿੰਡਾਂ ‘ਚ ਹਜ਼ਾਰਾਂ ਏਕੜ ਫਸਲਾਂ ਖ਼ਰਾਬ ਹੋ ਗਈਆਂ ਹਨ ਪਰ ਸਰਕਾਰ ਦੀਆਂ ਤਿਆਰੀਆਂ ਨਾ ਹੋਣ ਕਰਕੇ ਅੱਜ ਪੰਜਾਬ ਦੇ ਹਰੇਕ ਵਰਗ ਨੂੰ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ. ਬਾਦਲ ਨੇ ਕਾਂਗਰਸ ਸਰਕਾਰ ‘ਤੇ ਵਰ੍ਹਦਿਆਂ ਸਰਕਾਰ ਦੀਆਂ ਨਾਕਾਮੀਆਂ ‘ਤੇ ਅਫ਼ਸੋਸ ਜ਼ਾਹਿਰ ਕੀਤਾ ਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਾਸੀਆਂ ਦੀ ਸਾਰ ਲੈਣੀ ਚਾਹੀਦੀ ਹੈ। ਬਾਦਲ ਨੇ ਦੱਸਿਆ ਕਿ ਲੰਬੀ ਹਲਕੇ ਪਿੰਡਾਂ ਪੰਨੀਵਾਲਾ ਫੱਤਾ, ਮਿੱਡਾ, ਬੋਦੀਵਾਲਾ, ਆਲਮਵਾਲਾ, ਮੋਹਲਾਂ, ਰੱਤਾ ਟਿੱਬਾ, ਕਰਮਪੱਟੀ, ਰਾਣੀਵਾਲਾ, ਕੱਟਿਆਂਵਾਲੀ, ਗੁਰੂਸਰ ਜੋਧਾਂ, ਪੱਕੀ ਟਿੱਬੀ, ਸ਼ਾਮ ਖੇੜਾ ਤੇ ਕਈ ਹੋਰ ਪਿੰਡਾਂ ਅੰਦਰ ਮੀਂਹ ਦੇ ਪਾਣੀ ਨੇ ਤਬਾਹੀ ਮਚਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੀਂਹ ਦੇ ਪਾਣੀ ਨੇ ਉਕਤ ਪਿੰਡਾਂ ਵਿੱਚ ਹਜ਼ਾਰਾਂ ਏਕੜ ਨਰਮੇ ਤੇ ਝੋਨੇ ਦੀ ਫ਼ਸਲ ਬਰਬਾਦ ਕਰ ਦਿੱਤੀ ਹੈ, ਜਿਸ ਨਾਲ ਲੋਕ ਹੁਣ ਆਰਥਿਕ ਸੰਕਟਾਂ ‘ਚੋਂ ਲੰਘਣ ਲਈ ਮਜ਼ਬੂਰ ਹਨ, ਪਰ ਸਰਕਾਰ ਵੱਲੋਂ ਇਸ ਦਿਸ਼ਾ ‘ਚ ਕੋਈ ਕਦਮ ਨਹੀਂ ਚੁੱਕੇ ਜਾ ਰਹੇ ਹਨ।
ਸ. ਬਾਦਲ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਉਨ੍ਹਾਂ ਦੀ ਅਕਾਲੀ-ਭਾਜਪਾ ਸਰਕਾਰ ਸੀ ਤਾਂ ਅਜਿਹੇ ਹਾਲਾਤਾਂ ਲਈ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਜਾਂਦੀਆਂ ਸਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਬਾਬਤ ਗੰਭੀਰ ਨਜ਼ਰ ਨਹੀਂ ਆ ਰਹੇ। ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਮੀਂਹ ਕਾਰਨ ਬਹੁਤ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ 20 ਦਿਨ ਪਹਿਲਾਂ ਸਬੰਧਿਤ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ ਪਰ ਫ਼ਿਰ ਵੀ ਵਿਭਾਗ ਵੱਲੋਂ ਤਿਆਰੀਆਂ ਨਾ ਕਰਨ ਦੇ ਚੱਲਦਿਆਂ ਅੱਜ ਇਸ ਹਲਕੇ ਦੇ ਲੋਕਾਂ ਨੂੰ ਮੀਂਹ ਕਰਕੇ ਵੱਡਾ ਨੁਕਸਾਨ ਹੋਇਆ ਹੈ, ਜਦੋਂਕਿ ਫਸਲਾਂ ਦੇ ਨਾਲ-ਨਾਲ ਲੋਕਾਂ ਦੇ ਘਰ ਢਹਿ ਗਏ ਹਨ।
ਬਾਦਲ ਨੇ ਕਿਹਾ ਕਿ ਲੋਕ ਪਹਿਲਾਂ ਹੀ ਕੋਰੋਨਾ ਕਰਕੇ ਆਰਥਿਕ ਸੰਕਟਾਂ ਦੇ ਸ਼ਿਕਾਰ ਹੋ ਰਹੇ ਹਨ, ਉਪਰੋਂ ਕੁਦਰਤੀ ਕਰੋਪੀ ਨੇ ਹਰ ਵਰਗ ਲਈ ਮੁਸ਼ਕਿਲ ਖੜ੍ਹੀਆਂ ਕਰ ਦਿੱਤੀਆਂ ਹਨ, ਜਿਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੌਰੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਮੀਂਹ ਕਾਰਨ ਖਰਾਬ ਹੋਈਆਂ ਹਨ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਨਾਲ ਹੀ ਪਿੰਡਾਂ ਅੰਦਰ 24 ਘੰਟੇ ਬਿਜਲੀ ਦੀ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ।