Haryana govt ready : ਹਰਿਆਣਾ ਸਰਕਾਰ ਨੇ ਸਤਲੁਜ ਯਮੁਨਾ ਲਿੰਕ ਨਹਿਰ (SYL) ਮਾਮਲੇ ਨੂੰ ਲੈ ਕੇ ਵੱਡੀ ਪਹਿਲ ਕੀਤੀ ਹੈ ਤੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਨਾਲ ਇਸ ਮੁੱਦੇ ‘ਤੇ ਗੱਲਬਾਤ ਕਰਨ ਨੂੰ ਤਿਆਰ ਹੈ। ਹਰਿਆਣਾ ਸਰਕਾਰ ਨੇ ਇਸ ਸਬੰਧ ‘ਚ ਕੇਂਦਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨਹਿਰ ਦਾ ਨਿਰਮਾਣ ਪੂਰਾ ਕਰਕੇ ਪੰਜਾਬ ਤੋਂ ਆਪਣੇ ਹਿੱਸੇ ਦਾ ਪਾਣੀ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਨਾਲ ਗੱਲਬਾਤ ਦੀ ਪਹਿਲ ‘ਤੇ ਕੋਈ ਜਵਾਬ ਨਹੀਂ ਦਿੱਤਾ ਹੈ।
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਹਰਿਆਣਾ ਤੇ ਪੰਜਾਬ ਨੂੰ ਆਪਸ ‘ਚ ਬੈਠ ਕੇ ਇਸ ਮਾਮਲੇ ‘ਤੇ ਸਹਿਮਤੀ ਬਣਾਏ। ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਜਾਣੂ ਕਰਾ ਦਿੱਤਾ ਹੈ ਕਿ ਉਹ ਪੰਜਾਬ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਪਰ ਆਪਣੇ ਹਿੱਸੇ ਦਾ ਪਾਣੀ ਤੋਂ ਘੱਟ ‘ਤੇ ਮੰਨਣ ਨੂੰ ਤਿਆਰ ਨਹੀਂ ਹੋਵੇਗਾ। ਪੰਜਾਬ ਨੇ ਹੁਣ ਤਕ ਹਰਿਆਣਾ ਨਾਲ ਬੈਠ ਕੇ ਗੱਲਬਾਤ ਕਰਨ ਵਿਚ ਕੋਈ ਦਿਲਚਸਪੀ ਨਹੀਂ ਦਿਖਾਈ ਹੈ। ਪੰਜਾਬ ਨੇ ਸੁਪਰੀਮ ਕੋਰਟ ‘ਚ ਕਿਹਾ ਸੀ ਕਿ ਉਸ ਕੋਲ ਹਰਿਆਣਾ ਨੂੰ ਦੇਣ ਲਈ ਫਾਲਤੂ ਪਾਣੀ ਨਹੀਂ ਹੈ ਪਰ ਹਰਿਆਣਾ ਦੀ ਦਲੀਲ ਹੈ ਕਿ ਉਹ ਫਾਲਤੂ ਜਾਂ ਘੱਟ ਨਹੀਂ ਸਗੋਂ ਆਪਣੇ ਹਿੱਸੇ ਦਾ ਪਾਣੀ ਮੰਗ ਰਿਹਾ ਹੈ।
ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਹੁਣ ਹਰਿਆਣਾ ਨੇ ਗੱਲਬਾਤ ਦੀ ਪਹਿਲ ਕੀਤੀ ਹੈ। ਐਡਵੋਕੇਟ ਬਲਦੇਵ ਰਾਜ ਮਹਾਜਨ ਮੁਤਾਬਕ ਅਸੀਂ ਕੇਂਦਰ ਨੂੰ ਦੱਸ ਦਿੱਤਾ ਕਿ ਮੁੱਖ ਮੰਤਰੀ ਮਨੋਹਰ ਲਾਲ ਗੱਲਬਾਤ ਕਰਨ ਨੂੰ ਤਿਆਰ ਹੈ। ਦੂਜੇ ਪਾਸੇ ਮੁੱਖ ਮੰਤਰੀ ਮਨੋਹਰ ਲਾਲ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਦੋਵੇਂ ਸੂਬਿਆਂ ਨੂੰ ਗੱਲਬਾਤ ਕਰਨ ਲਈ ਕਿਹਾ ਹੈ ਤੇ ਅਸੀਂ ਤਿਆਰ ਹੈ। ਮਨਹੋਰ ਲਾਲ ਨੇ ਕਿਹਾ ਕਿ ਜੇਕਰ ਪੰਜਾਬ ਗੱਲਬਾਤ ਲਈ ਆਉਂਦਾ ਹੈ ਤਾਂ ਉਸ ਦਾ ਸਵਾਗਤ ਹੈ। ਇਸ ਮਾਮਲੇ ‘ਚ 17 ਅਗਸਤ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ।