ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭਾਰਤ ਦੇ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ ਸਾਰੇ ਵਾਹਨਾਂ ਲਈ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਲਾਜ਼ਮੀ ਹੈ।
ਭੁੱਲਰ ਨੇ ਸੂਬਾ ਸਰਕਾਰ ਦੁਆਰਾ ਚੁੱਕੇ ਗਏ ਵੱਖ-ਵੱਖ ਉਪਾਵਾਂ ਜਿਵੇਂ ਕਿ ਵਾਧੂ ਫਿਟਮੈਂਟ ਸੈਂਟਰ ਖੋਲ੍ਹਣ ਅਤੇ HSRP ਲਗਾਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਾਊਸ ਫਿਟਮੈਂਟ ਆਦਿ ਦੇ ਵਿਕਲਪਾਂ ਦੀ ਪੇਸ਼ਕਸ਼ ਦਾ ਜ਼ਿਕਰ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਲੋਕਾਂ ਨੂੰ HSRPs ਦੀ ਲੋੜ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਪਲੇਟਫਾਰਮਾਂ ‘ਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਗਈਆਂ ਸਨ, ਜਿਸ ਦੇ ਨਤੀਜੇ ਵਜੋਂ ਬਹੁਤ ਸਾਰੇ ਲੋਕ ਵਾਹਨਾਂ ਨੂੰ ਪਹਿਲਾਂ ਹੀ ਹਾਈ ਸਕਿਓਰਿਟੀ ਪਲੇਟਾਂ ਲਗਵਾ ਚੁੱਕੇ ਹਨ।
ਇਹ ਵੀ ਪੜ੍ਹੋ : 18 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਦੇ ਨਵੇਂ ਮੇਅਰ ਦੀ ਚੋਣ, DC ਵਿਨੈ ਪ੍ਰਤਾਪ ਨੇ ਕੀਤਾ ਐਲਾਨ
ਭੁੱਲਰ ਨੇ ਇਕ ਵਾਰ ਫਿਰ ਸਾਰੇ ਮੋਟਰ ਵਾਹਨ ਮਾਲਕਾਂ ਅਤੇ ਡਰਾਈਵਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ‘ਤੇ ਐਚ.ਐਸ.ਆਰ.ਪੀ. ਲਗਾਉਣ ਨਹੀਂ ਤਾਂ ਇਸ ਦੀ ਉਲੰਘਣਾ ਕਰਨ ‘ਤੇ ਭਾਰੀ ਜੁਰਮਾਨਾ ਲਗਾਇਆ ਜਾਵੇਗਾ।