In Amritsar the : ਅੰਮ੍ਰਿਤਸਰ : ਇੱਕ ਪਾਸੇ ਕੋਰੋਨਾ ਕਾਲ ‘ਚ ਜਿਥੇ ਪੁਲਿਸ ਮੁਲਾਜ਼ਮ ਪੂਰੀ ਤਨਦੇਹੀ ਤੇ ਈਮਾਨਦਾਰੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ ਉਥੇ ਦੂਜੇ ਪਾਸੇ ਕੁਝ ਕੁ ਪੁਲਿਸ ਮੁਲਾਜ਼ਮਾਂ ਕਰਕੇ ਸਾਰੇ ਮਹਿਕਮੇ ਦਾ ਨਾਂ ਬਦਨਾਮ ਹੋ ਰਿਹਾ ਹੈ। ਜਿਲ੍ਹਾ ਅੰਮ੍ਰਿਤਸਰ ਦੇ ਗੁੰਮਟਾਲਾ ਚੌਕ ਤੋਂ ਇੱਕ ਏ. ਐੱਸ. ਆਈ. ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ ਜਿਸ ਨੇ ਸ਼ਰਾਬ ਦੇ ਨਸ਼ੇ ‘ਚ ਧੁੱਤ ਹੋ ਕੇ ਆਪਣੇ ਹੀ ਸਾਥੀ ਮੁਲਾਜ਼ਮਾਂ ਨਾਲ ਗਲਤ ਵਿਵਹਾਰ ਕੀਤਾ ਅਤੇ ਉਨ੍ਹਾਂ ਨਾਲ ਮਾਰਕੁੱਟ ਕੀਤੀ। ASI ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਏ. ਐੱਸ. ਆਈ. ਵੱਲੋਂ ਕੀਤੀ ਗਈ ਮਾਰਕੁੱਟ ‘ਚ ਉਸ ਦੇ ਸਾਥੀ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਏ।
ਸਾਰੇ ਮਾਮਲੇ ਦੀ ਜਾਣਕਾਰੀ ਥਾਣਾ ਮੁਖੀ ਰਣਜੀਤ ਸਿੰਘ ਨੇ ਦਿੰਦੇ ਹੋਏ ਦੱਸਿਆ ਕਿ ਸ਼ਨੀਵਾਰ ਨੂੰ ASI ਵਿਜੇ ਕੁਮਾਰ ਨੇ ਸ਼ਰਾਬ ਦੇ ਨਸ਼ੇ ‘ਚ ਆਪਣੇ ਸਾਥੀ ਮੁਲਾਜ਼ਮਾਂ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ, ਜਿਸ ਕਾਰਨ ਏ. ਐੱਸ. ਆਈ. ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਤੇ ਉਸ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਵੀ ਭੇਜ ਦਿੱਤੀ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ASI ਵਿਜੇ ਕੁਮਾਰ ਦੀ ਮੈਡੀਕਲ ਜਾਂਚ ਵੀ ਕਰਵਾਈ ਗਈ ਹੈ ਜਿਸ ‘ਚ ਉਸ ਦੇ ਸ਼ਰਾਬ ਪੀਤੇ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਜਾਂਚ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਅਜੇ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਝਗੜੇ ਦਾ ਕਾਰਨ ਕੀ ਸੀ। ਪੁਲਿਸ ਵੱਲੋਂ ਜਲਦ ਹੀ ਸਾਰੇ ਮਾਮਲੇ ਦਾ ਪਤਾ ਲਗਾ ਕੇ ਏ. ਐੱਸ. ਆਈ. ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।