Mansa youth dies : ਪੰਜਾਬ ਤੋਂ ਬਹੁਤ ਸਾਰੇ ਨੌਜਵਾਨ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵਿਚ ਜਾਂਦੇ ਹਨ ਕਿ ਉਥੇ ਜਾ ਕੇ ਸੈੱਟ ਹੋ ਕੇ ਆਪਣਾ ਤੇ ਪਰਿਵਾਰ ਦਾ ਭਵਿੱਖ ਉਜਵਲ ਬਣਾਉਣਗੇ ਪਰ ਅੱਜ ਜਿਲ੍ਹਾ ਮਾਨਸਾ ਦੇ ਪਿੰਡ ਝੰਡਾ ਕਲਾਂ ਤੋਂ ਬੁਰੀ ਖਬਰ ਮਿਲੀ ਹੈ ਜਿਥੇ 19 ਸਾਲਾ ਲਖਵਿੰਦਰ ਸਿੰਘ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਉਹ ਅਜੇ ਤਿੰਨ ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਦੇ ਸਰੀ ਸ਼ਹਿਰ ਵਿਚ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਵਿਚ ਮਾਤਮ ਦਾ ਮਾਹੌਲ ਛਾ ਗਿਆ ਹੈ।
ਪਰਿਵਾਰਕ ਮੈਂਬਰਾਂ ਲਈ ਨੌਜਵਾਨ ਦੀ ਮੌਤ ਦੀ ਖਬਰ ਨੂੰ ਸਹਿਣ ਕਰਨਾ ਬਹੁਤ ਮੁਸ਼ਕਲ ਲੱਗ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਸੀ ਕਿ ਉਨ੍ਹਾਂ ਦੇ ਬੇਟੇ ਨਾਲ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰੇਗੀ। ਹੁਣ ਮ੍ਰਿਤਕ ਦੇ ਮਾਪਿਆਂ ਨੇ ਕੈਨੇਡਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਕੇਂਦਰ ਸਰਕਾਰ ਨੂੰ ਗੁਹਾਰ ਲਗਾਈ ਹੈ। ਇਸ ਸਬੰਧੀ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਲੋਕ ਆਪਣੇ ਤੌਰ ਉਤੇ ਪੈਸੇ ਇਕੱਠੇ ਕਰਕੇ ਲਖਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲਖਵਿੰਦਰ ਸਿੰਘ ਕਾਫੀ ਹੁਸ਼ਿਆਰ ਸੀ ਅਤੇ ਉਹ ਗਰੀਬ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਆਪਣੇ ਘਰ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਵਿਦੇਸ਼ ਗਿਆ ਸੀ ਤੇ ਜਦੋਂ ਲਖਵਿੰਦਰ ਦੀ ਮੌਤ ਦੀ ਖਬਰ ਉਸ ਦੇ ਮਾਪਿਆਂ ਨੂੰ ਮਿਲੀ ਤਾਂ ਉਹ ਪੱਥਰ ਹੋ ਗਏ। ਉਹ ਸਿਰਫ 3 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ ਅਤੇ ਉਸ ਦੇ ਮਾਤਾ-ਪਿਤਾ ਨੇ ਆਪਣਾ ਸਾਰਾ ਕੁਝ ਦਾਅ ‘ਤੇ ਲਗਾ ਕੇ ਉਸ ਨੂੰ ਕੈਨੇਡਾ ਭੇਜਿਆ ਸੀ।