Modi govt trying : ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਦੀ ਸਰਕਾਰ ‘ਤੇ ਤਿੱਖੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਠੱਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਬਿਆਨ ਉਨ੍ਹਾਂ ਨੇ ਹੁਸ਼ਿਆਰਪੁਰ ਦਾਣਾ ਮੰਡੀ ਵਿਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕਹੇ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਘੱਟ ਘੱਟ ਸਮਰਥਨ ਮੁੱਲ ਨੂੰ ਖਤਮ ਕਰਨ ਦੀ ਹੈ ਤੇ ਇਸੇ ਅਧੀਨ ਸਰਕਾਰ ਵਲੋਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਪੂਰੇ ਸੂਬੇ ਵਿਚ ਲੌਕਡਾਊਨ ਚੱਲ ਰਿਹਾ ਹੈ ਜਿਸ ਕਾਰਨ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਦਾ ਸਾਹਮਣਾ ਕਰ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਨੂੰ ਖੇਤੀ ਆਰਡੀਨੈਂਸਾਂ ਦੀ ਮਾਰ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿਹਾ ਕਿ ਪੰਜਾਬ ਸਰਕਾਰ ਵਲੋਂ 1 ਕਰੋੜ 27 ਲੱਖ ਟਨ ਕਿਸਾਨਾਂ ਦੀ ਕਣਕ ਖਰੀਦੀ ਗਈ ਅਤੇ ਕਿਸਾਨਾਂ ਦੀ ਫਸਲ ਦਾ ਲਗਭਗ 26000 ਕਰੋੜ ਰੁਪਏ ਉਨ੍ਹਾਂ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਦੋ ਮਹੀਨੇ ਤੋਂ ਪੂਰੇ ਦੇਸ਼ ਵਿਚ ਲੌਕਡਾਊਨ ਚੱਲ ਰਿਹਾ ਸੀ ਤੇ ਇਸ ਨਾਲ ਪੂਰੀ ਅਰਥ ਵਿਵਸਥਾ ਪ੍ਰਭਾਵਿਤ ਹੋਈ ਉਸ ਸਮੇਂ ਵੀ ਕਿਸਾਨ ਵਰਗ ਪਿੱਛੇ ਨਹੀਂ ਹਟਿਆ ਅਤੇ ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਲੋਕਾਂ ਤਕ ਅਨਾਜ ਦੀ ਪਹੁੰਚ ਕੀਤੀ ਤਾਂ ਜੋ ਸੂਬੇ ਦੇ ਕਿਸੇ ਵਿਅਕਤੀ ਨੂੰ ਭੁੱਖੇ ਨਾ ਸੌਣਾ ਪਵੇ ਤੇ ਹੁਣ ਇਸੇ ਵਰਗ ‘ਤੇ ਮੋਦੀ ਸਰਕਾਰ ਵਲੋਂ ਨਿਆਂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਮਕ ਦੀ ਖਰੀਦ ਐੱਮ. ਐੱਸ. ਪੀ. ‘ਤੇ ਬੰਦ ਹੋ ਗਈ ਤਾਂ ਪੰਜਾਬ ਦਾ ਕਿਸਾਨ ਮਜ਼ਦੂਰ ਬਣ ਜਾਵੇਗਾ।
ਸ਼੍ਰੀ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਆਰਡੀਨੈਂਸ ਰਾਹੀਂ ਕਾਲਾ ਕਾਨੂੰਨ ਲੈ ਕੇ ਆਈ ਹੈ ਤੇ ਆਪਣੇ ਇਸ ਮਨੋਰਥ ਨੂੰ ਉਹ ਪੜਾਅਵਾਰ ਤਰੀਕੇ ਨਾਲ ਖਤਮ ਕਰਨ ਲਈ ਰੂਪਰੇਖਾ ਤਿਆਰ ਕਰ ਰਹੀ ਹੈ। ਇਸ ਮੌਕੇ ਜਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਦਮਨਦੀਪ ਸਿੰਘ ਬਿੱਲਾ ਜਿਲ੍ਹਾ ਯੂਥ ਪ੍ਰਧਾਨ ਨੇ ਹਾਜ਼ਰੀ ਲਵਾਈ। ਇਨ੍ਹਾਂ ਤੋਂ ਇਲਾਵਾ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੁੱਖ ਮੰਤਰੀ ਦੇ ਰਾਜਨੀਤਕ ਸਲਾਹਕਾਰ ਸੰਗਤ ਸਿੰਘ ਗਿਲਜੀਆਂ ਵੀ ਹਾਜ਼ਰ ਸਨ।