ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੇ ਹੁਕਮਾਂ ‘ਤੇ ਨਵਾਂ ਸਾਲ ਆਉਂਦੇ ਹੀ ਸੂਬੇ ਭਰ ‘ਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਆਪ੍ਰੇਸ਼ਨ ਈਗਲ ਦੇ ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਜਾਣਕਾਰੀ ਅਨੁਸਾਰ ਇਸ ਮੁਹਿੰਮ ਵਿੱਚ ਸੂਬੇ ਭਰ ਦੇ ਪੁਲਿਸ ਕਮਿਸ਼ਨਰਾਂ, SSP ਅਤੇ ਹੋਰ ਪੁਲਿਸ ਅਧਿਕਾਰੀਆਂ ਦੇ ਨਾਲ ADGP ਰੈਂਕ ਦੇ ਅਧਿਕਾਰੀ ਵੀ ਹਾਜ਼ਰ ਸਨ। ਸੂਬੇ ਦੇ ਸਮੂਹ ਅਹੁਦੇਦਾਰਾਂ ਨੂੰ ਪੁਲਿਸ ਸਟੇਸ਼ਨ ਵਾਈਜ਼ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਆਪੋ-ਆਪਣੇ ਸ਼ਹਿਰਾਂ ਅਨੁਸਾਰ ਨਾਕੇਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ADGP ਰਾਮ ਸਿੰਘ, ਪੁਲਿਸ ਕਮਿਸ਼ਨਰ ਐਸ. ਭੂਪਤੀ, DSP ਲਾਅ ਐਂਡ ਆਰਡਰ ਅੰਕੁਰ ਗੁਪਤਾ, DSP ਸਿਟੀ ਜਗਮੋਹਨ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਭਾਰੀ ਪੁਲਿਸ ਫੋਰਸ ਨਾਲ ਸ਼ਹਿਰ ਦੇ ਗਰਾਊਂਡ ‘ਚ ਗਏ ਸਨ। ਇਸ ਮੁਹਿੰਮ ਤਹਿਤ ਸਾਰਿਆਂ ਨੇ ਪਹਿਲਾਂ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਨਾਲ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਸੰਵੇਦਨਸ਼ੀਲ ਇਲਾਕਿਆਂ ‘ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ।
ਇਹ ਵੀ ਪੜ੍ਹੋ : ਦਾੜ੍ਹੀ ਅਤੇ ਪੱਗ ਵਾਲੇ ਸਿੱਖ ਹੁਣ ਹੋ ਸਕਣਗੇ ਮਰੀਨ ‘ਚ ਸ਼ਾਮਲ, ਅਮਰੀਕੀ ਅਦਾਲਤ ਨੇ ਦਿੱਤੇ ਹੁਕਮ
ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮੁਹਿੰਮ ਵਿਚ ਜਾਂਚ ਦੌਰਾਨ ਕਈ ਸ਼ੱਕੀ ਵਾਹਨਾਂ ਨੂੰ ਵੀ ਜ਼ਬਤ ਕੀਤੇ ਹਨ। ਇਸ ਦੇ ਨਾਲ ਹੀ ਵਾਹਨਾਂ ਦੀ ਚੈਕਿੰਗ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ, ਜਿੰਨ੍ਹਾਂ ਵੱਲੋਂ ਪਾਰਕਿੰਗਾਂ ਅਤੇ ਸ਼ਹਿਰ ਦੇ ਹੋਰ ਹਿੱਸਿਆਂ ‘ਚ ਖੜ੍ਹੇ ਕਈ ਵਾਹਨਾਂ ਦੇ ਨੰਬਰ ਚੈੱਕ ਕੀਤੇ ਗਏ। ਇਨ੍ਹਾਂ ਹੀ ਨਹੀਂ ਪੁਲਿਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਸਮੇਤ ਹੋਰ ਕਈ ਇਲਾਕਿਆਂ ‘ਚ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਸਮਾਨ ਦੀ ਜਾਂਚ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਆਪ੍ਰੇਸ਼ਨ ਈਗਲ ਸਬੰਧੀ ਜਾਣਕਾਰੀ ਦਿੰਦਿਆਂ ADGP ਰਾਮ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਪੂਰੇ ਸੂਬੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।