Poisonous liquor case : ਅੰਮ੍ਰਿਤਸਰ : ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਪਿੰਡ ਮੁੱਛਲ ਵਿਖੇ ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨ ਗਏ 5 ਲੱਖ ਦੇ ਮੁਆਵਜ਼ੇ ਨੂੰ ਰੱਦ ਕਰ ਦਿੱਤਾ ਹੈ ਤੇ ਨਾਲ ਹੀ ਉਨ੍ਹਾਂ ਨੇ 25 ਲੱਖ ਰੁਪਏ ਮੁਆਵਜ਼ੇ ਤੇ ਪੀੜਤ ਪਰਿਵਾਰਾਂ ਵਿਚੋਂ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ। ਪਿੰਡ ਮੁੱਛਲ ‘ਚ ਬਿਕਰਮ ਸਿੰਘ ਮਜੀਠੀਆ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਦੇ ਭੋਗਾਂ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਨੂੰ ਸਾਂਝਾ ਕੀਤਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਅਕਾਲੀ ਦਲ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਹਨ।
ਇਸ ਮੌਕੇ ਪਿੰਡ ਦੇ ਲੋਕਾਂ ਤੇ ਪੀੜਤ ਪਰਿਵਾਰਾਂ ਵਲੋਂ ਇਕ ਮਤਾ ਪਾਸ ਕਰਕੇ 5 ਲੱਖ ਰੁਪਏ ਮੁਆਵਜ਼ੇ ਦੀ ਥਾਂ ‘ਤੇ 25 ਲੱਖ ਰੁਪਏ ਮੁਆਵਜ਼ਾ ਅਤੇ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਸ਼ਾਮਲ ਹਨ ਉਨ੍ਹਾਂ ਖਿਲਾਫ ਧਾਰਾ 302 ਤਹਿਤ ਮੁਕੱਦਮਾ ਦਰਜ ਕੀਤਾ ਜਾਵੇ ਤੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਜਿਹੜੀਆਂ ਡਿਸਟਰਲੀਆਂ ਤੋਂ ਸਪਿਰਟ ਨਿਕਲਦੀ ਹੈ ਉਨ੍ਹਾਂ ਖਿਲਾਫ ਤੇ ਇਸ ਧੰਦੇ ਵਿਚ ਸ਼ਾਮਲ ਕਾਂਗਰਸੀ ਆਗੂਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਪਿੰਡ ਦੇ ਲੋਕਾਂ ਵਲੋਂ ਇਸ ਮਾਮਲੇ ਦੀ ਦੁਬਾਰਾ ਤੋਂ ਸੀ. ਬੀ. ਆਈ. ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਗਈ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਇਸ ਗੱਲ ਦੀ ਤਾਂ ਪੁਸ਼ਟੀ ਹੋ ਚੁੱਕੀ ਹੈ ਕਿ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਡਿਨੇਚਰਡ ਸਪਰਿਟ ਡਿਸਟਰਲੀਆਂ ਤੋਂ ਆਇਆ ਸੀ ਤੇ ਸਰਕਾਰ ਵਲੋਂ ਇਸ ਮਾਮਲੇ ‘ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਮਜੀਠੀਆ ਵਲੋਂ ਤਰਨਤਾਰਨ ਦੇ ਤਤਕਾਲੀ ਐੱਸ. ਐੱਸ. ਪੀ. ਧਰੁਵ ਦਹੀਆ ਨੂੰ ਵੀ ਮੁਅੱਤਲ ਕਰਨ ਦੀ ਮੰਗ ਕੀਤੀ ਗਈ। ਨਾਲ ਹੀ ਉਨ੍ਹਾਂ ਪਿੰਡ ਮੁੱਛਲ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਰ ਹਾਲਤ ਵਿਚ ਉਨ੍ਹਾਂ ਨੂੰ ਇਨਸਾਫ ਦਿਵਾ ਕੇ ਰਹਿਣਗੇ। ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਵੀ ਇਸ ਸ਼ਰਾਬ ਕਾਂਡ ‘ਤੇ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ਨਾਰਾਜ਼ਗੀ ਪ੍ਰਗਟਾਈ।