Punjab Army personnel : ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਝੜਪ ਦੌਰਾਨ ਸ਼ਹੀਦ ਹੋਏ ਪੰਜਾਬ ਦੇ 2 ਫੌਜੀ ਜਵਾਨਾਂ ਦਾ ਸਰਕਾਰੀ ਸਨਮਾਨਾਂ ਨਾਲ ਅੱਜ ਸਸਕਾਰ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਲੱਦਾਖ ਦੇ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਝੜਪ ਵਿੱਚ ਸ਼ਹੀਦ ਹੋਏ 4 ਫੌਜੀ ਜਵਾਨਾਂ ਵਿਚੋਂ ਅੱਜ ਸਿਰਫ਼ 2 ਫੌਜੀ ਜਵਾਨਾਂ, ਜੋ ਕਿ ਪਟਿਆਲਾ ਅਤੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਸਨ, ਦੀਆਂ ਮ੍ਰਿਤਕ ਦੇਹਾਂ ਹੀ ਉਨ੍ਹਾਂ ਦੇ ਘਰਾਂ ਵਿਖੇ ਪਹੁੰਚੀਆਂ ਸਨ। ਬੁਲਾਰੇ ਨੇ ਦੱਸਿਆ ਕਿ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਵਿਚ ਗ਼ਮਗੀਨ ਮਾਹੌਲ ਦੋਰਾਨ ਭਾਰਤੀ ਫ਼ੌਜ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਭਾਰਤੀ ਫ਼ੌਜ ਦੇ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ 11 ਸਾਲਾ ਪੁੱਤਰ ਜੋਬਨਪ੍ਰੀਤ ਸਿੰਘ ਨੇ ਦਿਖਾਈ।ਸ਼ਹੀਦ ਆਪਣੀ ਬਿਰਧ ਮਾਤਾ ਸ਼੍ਰੀਮਤੀ ਸ਼ਕੁੰਤਲਾ ਕੌਰ, ਧਰਮ ਪਤਨੀ ਸ਼੍ਰੀਮਤੀ ਗੁਰਦੀਪ ਕੌਰ, ਪੁੱਤਰ ਜੋਬਨਪ੍ਰੀਤ ਸਿੰਘ ਅਤੇ ਪੁੱਤਰੀ ਮਹਿਕਪ੍ਰੀਤ ਕੌਰ, ਤਿੰਨ ਭੈਣਾਂ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮੋਸਤ ਨੇ ਸ਼ਹੀਦ ਦੀ ਦੇਹ ‘ਤੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਲੋਕ ਸਭਾ ਮੈਂਬਰ ਪਟਿਆਲਾ ਸ਼੍ਰੀਮਤੀ ਪਰਨੀਤ ਕੌਰ ਦੀ ਤਰਫ਼ੋਂ ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਾਜ ਕੁਮਾਰ ਅਤੇ ਸ੍ਰੀ ਬਲਵਿੰਦਰ ਸਿੰਘ ਨੇ ਰੀਥ ਰੱਖੀ।ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।
ਬੁਲਾਰੇ ਨੇ ਦੱਸਿਆ ਕਿਇਸੇ ਤਰ੍ਹਾਂ ਲੱਦਾਖ ਦੀ ਗਲਵਾਨ ਘਾਟੀ ਵਿਚ ਹੀ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ ਨਾਇਬ ਸੂਬੇਦਾਰ ਸਤਨਾਮ ਸਿੰਘ (42) ਦਾ ਉਨਾਂ ਦੇ ਜੱਦੀ ਪਿੰਡ ਭੋਜਰਾਜ (ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ) ਗੁਰਦਾਸਪੁਰ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੀ ਤਰਫੋਂ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਹੀਦ ਦੀ ਦੇਹ ‘ਤੇ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਮੌਜੂਦ ਸਨ।ਸਤਨਾਮ ਸਿੰਘ ਦੇ ਅੰਤਿਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰਕੇ ਸ਼ਹੀਦ ਨੂੰ ਸਲਾਮੀ ਦਿੱਤੀ।