ਪੰਜਾਬ ਸਰਕਾਰ ਵੱਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲੇ ਘੱਟ ਸਮੇਂ ਵਿੱਚ ਹੱਲ ਕਰਨ ਦੀ ਸਹੂਲਤ ਦੇਣ ਲਈ ਜਲਦੀ ਹੀ ਫਾਸਟ ਟਰੈਕ ਅਦਾਲਤਾਂ ਦਾ ਗਠਨ ਕੀਤਾ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਪੰਜਾਬ ਦੇ ਪ੍ਰਵਾਸੀ ਭਾਰਤੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਇਨ੍ਹਾਂ ਮਾਮਲਿਆਂ ਨੂੰ ਛੇਤੀ ਹੱਲ ਕਰਨ ਲਈ ਇਹ ਕਦਮ ਚੁਕਿਆ ਗਿਆ ਹੈ।
ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ, ਵਿਖੇ ਕਰਵਾਏ ਗਏ ਤੀਸਰੇ ਪੰਜਾਬੀ ਪ੍ਰਵਾਸੀ ਭਾਰਤੀ ਮਿਲਨੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀ ਕਾਨਫਰੰਸ ਕਰਵਾ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਅਦਾਲਤਾਂ ਗੈਰ-ਨਿਵਾਸੀ ਭਾਰਤੀਆਂ NRI ਦੇ ਸਿਵਲ ਮਾਮਲਿਆਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ।
ਇਹ ਵੀ ਪੜ੍ਹੋ : ਪੰਜਾਬ ‘ਚ ਕੋਰੋਨਾ ਦੇ ਕੁੱਲ ਪਾਜ਼ੇਟਿਵ ਮਰੀਜ਼ਾ ਦੀ ਗਿਣਤੀ 7,85,389 ਹੋਈ, ਤਿੰਨ ਹੋਰ ਨਵੇਂ ਮਰੀਜ਼ ਮਿਲੇ
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲਬਾਤ ਹੋ ਚੁੱਕੀ ਹੈ, ਇਸ ਲਈ ਜਲਦੀ ਹੀ ਇਸ ਦਿਸ਼ਾ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਨੂੰ ਤਾਇਨਾਤ ਕੀਤੇ ਜਾ ਰਹੇ ਹਨ ਜੋ ਕਿ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨਿਪਟਾਉਣਗੇ। ਕੈਬਨਿਟ ਮੰਤਰੀ ਧਾਲੀਵਾਲ ਨੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਕੈਬਨਿਟ ਮੰਤਰੀ ਧਾਲੀਵਾਲ ਨੇ ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਵੱਲੋਂ ਹਦਾਇਤ ਦਿੱਤੀ ਗਈ ਹੈ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਦੱਸ ਦੇਈਏ ਕਿ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰੀ ਕਾਊਂਟਰ ਵੀ ਲਗਾਏ ਗਏ ਸਨ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।