Punjab govt to fix : ਫੇਸਬੁੱਕ ’ਤੇ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਅਤੇ ਕਲੀਨਿਕਾਂ ਲਈ ਫੀਸ ਢਾਂਚੇ ਨੂੰ ਸੋਮਵਾਰ ਤੱਕ ਅੰਤਿਮ ਰੂਪ ਦਿੱਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਦੇ ਇਲਾਜ ਲਈ ਕੀਮਤਾਂ ਨਿਰਧਾਰਤ ਕਰੇਗੀ ਅਤੇ ਇਸ ਦੀ ਪਾਲਣਾ ਨਾ ਕਰਨ ਵਾਲੇ ਹਸਪਤਾਲ ਬੰਦ ਕਰ ਦਿੱਤੇ ਜਾਣਗੇ। ਨਿੱਜੀ ਹਸਪਤਾਲਾਂ ਵੱਲੋਂ ਵਸੂਲੀਆਂ ਜਾ ਰਹੀਆਂ ਵਧੇਰੇ ਫੀਸਾਂ ਦੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਇਸ ਕਦਮ ਨੂੰ ‘ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ’ ਕਰਾਰ ਦਿੱਤਾ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਨਿੱਜੀ ਸੰਸਥਾਵਾਂ ਨੂੰ ਲੋਕਾਂ ਦੀਆਂ ਜ਼ਿੰਦਗੀਆਂ ਦੀ ਕੀਮਤ ’ਤੇ ਢੀਠਤਾ ਨਾਲ ਮੁਨਾਫਾ ਕਮਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ,‘‘ਜੇਕਰ ਇਹ ਹਸਪਤਾਲ ਸਰਕਾਰੀ ਕੀਮਤਾਂ ’ਤੇ ਇਲਾਜ ਕਰਨ ਲਈ ਸਹਿਮਤ ਨਾ ਹੋਏ ਤਾਂ ਇਨਾਂ ਨੂੰ ਬੰਦ ਕਰ ਦਿੱਤਾ ਜਾਵੇਗਾ।’’ ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦੇ ਕੇਸ ਵਧਣ ’ਤੇ ਚਿੰਤਾ ਜ਼ਾਹਰ ਕੀਤੀ ਜਿਸ ਦਾ ਕਾਰਨ ਵੱਡੀ ਗਿਣਤੀ ਵਿੱਚ ਲੋਕ ਦੂਜੀਆਂ ਥਾਵਾਂ ਤੋਂ ਆ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸੂਬਾਈ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਲਈ ਕੋਵਿਡ ਟੈਸਟ ਦਾ ਸਰਟੀਫਿਕੇਟ ਲਾਜ਼ਮੀ ਕਰਨ ਵਾਸਤੇ ਸੂਬੇ ਨੂੰ ਇਜਾਜ਼ਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਪ੍ਰਵਾਨਗੀ ਮੰਗੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਹੋਈ ਮੀਟਿੰਗ ਦੌਰਾਨ ਵੀ ਉਨ੍ਹਾਂ ਕੋਲ ਇਹ ਮਸਲਾ ਉਠਾਇਆ ਸੀ। ਹਾਲਾਂਕਿ, ਮੁੱਖ ਮੰਤਰੀ ਨੇ ਕੋਵਿਡ ਸੰਕਟ ਨਾਲ ਨਜਿੱਠਣ ਲਈ ਸੂਬੇ ਦੀ ਪੂਰੀ ਤਿਆਰੀ ਦੀ ਵਚਨਬੱਧਤਾ ਦੁਹਰਾਉਦਿਆਂ ਕਿਹਾ ਕਿ ਸਮਾਨ ਅਤੇ ਸਪਲਾਈ ਦੀ ਕੋਈ ਘਾਟ ਨਹੀਂ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਜੰਗ ਸਾਰਿਆਂ ਨੂੰ ਇਕੱਠੇ ਹੋ ਕੇ ਲੜਨੀ ਪੈਣੀ ਹੈ ਜਿਸ ਵਿੱਚ ਹਰ ਸੂਬਾ ਵਾਸੀ ਨੂੰ ਸਮਾਜਿਕ ਵਿੱਥ, ਮਾਸਕ ਪਹਿਨਣ ਸਮੇਤ ਸਾਰੇ ਨਿਯਮਾਂ ਦਾ ਪਾਲਣ ਕਰਕੇ ਇਸ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣਾ ਹੈ। ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਵਿੱਥ ਦੀ ਪਾਲਣਾ ਕਰਨਾ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਇਹ ਵੀ ਬੇਨਤੀ ਕੀਤੀ ਕਿ ਕੋਵਿਡ ਤੋਂ ਮੁਕਤ ਹੋਣ ਦਾ ਸਭ ਤੋਂ ਵਧੀਆ ਤਰੀਕਾ ਜਲਦੀ ਟੈਸਟਿੰਗ ਅਤੇ ਇਲਾਜ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਕੋਈ ਦਵਾਈ ਜਾਂ ਵੈਕਸੀਨ ਨਹੀਂ ਬਣੀ ਜਿਸ ਕਾਰਨ ਸਿਰਫ ਪ੍ਰਹੇਜ਼ ਹੀ ਇਲਾਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰ ਪੰਜਾਬੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹਨ ਜਿਸ ਕਾਰਨ ਉਹ ਕੋਵਿਡ ਕਾਰਨ ਇਕ ਵੀ ਜਾਨ ਨਹੀਂ ਗਵਾਉਣ ਦੇਣਾ ਚਾਹੁੰਦੇ। ਪਹਿਲੀ ਵਾਰ ਆਕਸੀਜਨ ਅਤੇ ਵੈਂਟੀਲੇਟਰ ਉਤੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਕੇਸਾਂ ਵਿੱਚ ਵਾਧੇ ਨਾਲ ਸਥਿਤੀ ਬਹੁਤ ਵਿਸਫੋਟਕ ਹੈ।
ਕੁਝ ਸਨਤਅਤਕਾਰਾਂ ਵੱਲੋਂ ਆਪਣੇ ਖਰਚੇ ‘ਤੇ ਕਿਰਤੀਆਂ ਨੂੰ ਵਾਪਸ ਲਿਆਉਣ ਦੀ ਜਤਾਈ ਇੱਛਾ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਨ ਲਈ ਉਨ੍ਹਾਂ ਦਾ ਸਵਾਗਤ ਹੈ ਪਰ 14 ਦਿਨਾਂ ਦੇ ਘਰੇਲੂ ਇਕਾਂਤਵਾਸ ਨੂੰ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ। ਕੋਵਿਡ ਨਿਯਮਾਂ ਦੀ ਉਲੰਘਣਾਂ ਸਬੰਧੀ ਚਲਾਨ ਭਰਨ ਦੀ ਉਡੀਕ ਵਿੱਚ ਪਟਿਆਲਾ ਵਿਖੇ ਲੋਕਾਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ ਸਬੰਧੀ ਇਕ ਸ਼ਿਕਾਇਤ ਦੇ ਜਵਾਬ ਵਿੱਚ ਮੁੱਖ ਮੰਤਰੀ ਵੱਲੋਂ ਸਬੰਧਤ ਡਿਪਟੀ ਕਮਿਸ਼ਨਰ ਨੂੰ ਭੀੜ ਹੋਣ ਤੋਂ ਰੋਕਣ ਲਈ ਤੁਰੰਤ ਕਦਮ ਚੁੱਕਣ ਸਬੰਧੀ ਆਦੇਸ਼ ਦਿੱਤੇ।