ਅੰਮ੍ਰਿਤਸਰ ‘ਚ ਛਾਉਣੀ ਥਾਣਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਦੀ ਭਾਲ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਚੋਰ-ਲੁਟੇਰਾ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਨਾਕੇਬੰਦੀ ਕਰ ਕੇ ਪਿਸਤੌਲ ਦੀ ਨੋਕ ‘ਤੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜਮਾਂ ਕੋਲੋਂ ਤੇਜ਼ਧਾਰ ਹਥਿਆਰ ਅਤੇ ਲੁੱਟਿਆ ਹੋਇਆ ਮੋਬਾਈਲ ਵੀ ਬਰਾਮਦ ਕੀਤਾ ਗਿਆ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਪ੍ਰਧਾਨ SI ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਗਵਾਲ ਮੰਡੀ ਚੌਕੀ ਦੇ ਇੰਚਾਰਜ SI ਸੁਸ਼ੀਲ ਕੁਮਾਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕੀਤੀ ਹੈ। ਲੁਟੇਰਾ ਗਿਰੋਹ ਦੇ ਮੈਂਬਰਾਂ ਦੀ ਪਛਾਣ ਆਕਾਸ਼ ਚੌਹਾਨ ਪੁੱਤਰ ਹੁਸ਼ਿਆਰ ਸਿੰਘ, ਸਾਲੂ ਗਿੱਲ ਪੁੱਤਰ ਪਿਆਰਾ ਸਿੰਘ ਅਤੇ ਮੋਹਿਤ ਕੁਮਾਰ ਪੁੱਤਰ ਰਾਮ ਰਾਜ ਵਾਸੀ ਨਿਊ ਕਲੋਨੀ ਰਾਮ ਤੀਰਥ ਰੋਡ ਵਜੋਂ ਹੋਈ ਹੈ। ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੋ ਪੜ੍ਹੋ : ਅੰਮ੍ਰਿਤਸਰ ‘ਚ ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਧੁੰਦ ਕਾਰਨ ਲਿਆ ਗਿਆ ਫੈਸਲਾ
ਜਾਣਕਾਰੀ ਅਨੁਸਾਰ ASI ਸਤਨਾਮ ਸਿੰਘ ਦੀ ਟੀਮ ਵੱਲੋਂ ਵੀ ਛਾਪੇਮਾਰੀ ਕੀਤੀ ਗਈ ਸੀ। ਇਸ ਛਾਪੇਮਾਰੀ ਸਬੰਧੀ ਜਾਣਕਾਰੀ ਦਿੰਦਿਆਂ SI ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਪਰਗਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਹੁਸ਼ਿਆਰ ਨਗਰ ਚੋਰੀ ਦਾ ਮੋਟਰਸਾਈਕਲ ਲੈ ਕੇ ਆ ਰਿਹਾ ਸੀ, ਜਿਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਮੁੱਢਲੀ ਜਾਂਚ ਦੌਰਾਨ ਉਸ ਦੀ ਨਿਸ਼ਾਨਦੇਹੀ ‘ਤੇ ਚੋਰੀ ਦੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਥਾਣਾ ਮੁਖੀ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁਲੀਸ ਵੱਲੋਂ ਉਨ੍ਹਾਂ ‘ਤੋਂ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: