SAD-BJP will : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੱਦੀ ਸਰਬ ਪਾਰਟੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਨੇ ਸ਼ਾਮਲ ਹੋਣ ਦਾ ਫੈਸਲਾ ਲਿਆ ਤੇ ਨਾਲ ਹੀ ਉਨ੍ਹਾਂ ਨੂੰ ਇਹ ਵੀ ਅਪੀਲ ਕਰਨਗੇ ਨਾਜਾਇਜ਼ ਸ਼ਰਾਬ, ਬੀਜ ਤੇ ਰਾਸ਼ਨ ਘਪਲਿਆਂ ਤੋਂ ਇਲਾਵਾ ਸੂਬੇ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ‘ਤੇ ਵਿਚਾਰ ਚਰਚਾ ਲਈ ਇਕ ਹੋਰ ਮੀਟਿੰਗ ਸੱਦੀ ਜਾਵੇ। ਇਹ ਫੈਸਲਾ ਕਲ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਹੋਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਤਾਲਮੇਲ ਕਮੇਟੀ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਸ੍ਰੀ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ।
ਇਸ ਮੌਕੇ ਸ਼੍ਰੀ ਸੁਖਬੀਰ ਸਿੰਘ ਬਾਦਲ ਤੇ ਸ਼੍ਰੀ ਅਸ਼ਵਨੀ ਸ਼ਰਮਾ ਨੇ ਇਹ ਵੀ ਮੰਗ ਕੀਤੀ ਕਿ ਪ੍ਰਾਈਵੇਟ ਖੰਡ ਮਿੱਲਾਂ ਵੱਲੋਂ ਗੰਨਾ ਉਤਪਾਦਕਾਂ ਦੇ 383 ਕਰੋੜ ਰੁਪਏ ਦੇ ਬਕਾਏ ਸਮੇਤ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸੀ ਆਗੂਆਂ ਦੇ ਜ਼ੋਰ ਦੇਣ ‘ਤੇ ਨੀਲੇ ਕਾਰਡ ਕੱਟੇ ਜਾਣ ਦੇ ਕਾਰਨਾਂ ਦੇ ਨਾਲ ਨਾਲ ਅਤੇ ਉਹਨਾਂ ਨੂੰ ਤੁਰੰਤ ਬਹਾਲ ਕਰਨ ਤੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਦੀਆਂ ਸਕਾਲਰਸ਼ਿਪ ਵੀ ਤੁਰੰਤ ਜਾਰੀ ਕਰਨ ਦੀ ਲੋੜ ‘ਤੇ ਵੀ ਅਗਲੀ ਸਰਬ ਪਾਰਟੀ ਮੀਟਿੰਗ ਵਿਚ ਚਰਚਾ ਕੀਤੀ ਜਾਵੇ।
ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੀ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,ਜਕੇਦਾਰ ਤੋਤਾ ਸਿੰਘ, ਡਾ. ਚਰਨਜੀਤ ਸਿੰਘ ਅਟਵਾਲ, ਸ਼੍ਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸ਼੍ਰੀ ਸਿਕੰਦਰ ਸਿੰਘ ਮਲੁਕਾ, ਸ਼੍ਰੀ ਜਨਮੇਜਾ ਸਿੰਘ ਸੇਖੋਂ, ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸ਼੍ਰੀ ਹੀਰਾ ਸਿੰਘ ਗਾਬੜੀਆ, ਸ਼੍ਰੀ ਸੁਰਜੀਤ ਸਿੰਘ ਰੱਖੜਾ,ਸ਼੍ਰੀ ਅਵਤਾਰ ਸਿੰਘ ਹਿੱਤ,ਸ਼੍ਰੀ ਬਲਦੇਵ ਸਿੰਘ ਮਾਨ, ਸ਼੍ਰੀ ਜਗਮੀਤ ਸਿੰਘ ਬਰਾੜ ਅਤੇ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਜਦਕਿ ਭਾਜਪਾ ਵੱਲੋਂ ਸ਼੍ਰੀ ਮਦਨ ਮੋਹਣ ਮਿੱਤਲ, ਸ਼੍ਰੀ ਮਨੋਰੰਜਨ ਕਾਲੀਆ, ਸ਼੍ਰੀ ਤੀਕਸ਼ਣ ਸੂਦ, ਸ਼੍ਰੀ ਜੀਵਨ ਗੁਪਤਾ, ਸ਼੍ਰੀ ਸੁਭਾਸ਼ ਸ਼ਰਮਾ ਅਤੇ ਸ਼੍ਰੀ ਮਲਵਿੰਦਰ ਸਿੰਘ ਕੰਗ ਆਦਿ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਕਾਲੀ ਦਲ-ਭਾਜਪਾ ਤਾਲਮੇਲ ਕਮੇਟੀ ਮੈਂਬਰਾਂ ਵੱਲੋਂ ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨ ਨਾਲ ਖੂਨੀ ਝੜਪ ਵਿਚ ਸ਼ਹੀਦ ਹੋਏ 20 ਭਾਰਤੀ ਸੈਨਿਕਾਂ, ਜਿਹਨਾਂ ਵਿਚ ਚਾਰ ਪੰਜਾਬ ਦੇ ਵੀ ਸ਼ਾਮਲ ਸਨ, ਦੀ ਯਾਦ ਵਿਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।