Shameful act of : ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਮੇਂ ਤੋਂ ਨਸ਼ਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਤੇ ਮੁੱਖ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਇਸ ‘ਤੇ ਠੱਲ੍ਹ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਜਦੋਂ ਕਾਨੂੰਨ ਦੇ ਰਖਵਾਲੇ ਖੁਦ ਹੀ ਇਸ ਰਾਹ ‘ਤੇ ਤੁਰ ਪੈਣ ਤਾਂ ਉਸ ਸੂਬੇ ਦਾ ਕੀ ਬਣੇਗਾ? ਅਜਿਹੀਆਂ ਹੀ ਕੁਝ ਤਸਵੀਰਾਂ ਥਾਣਾ ਸਦਰ ਨਾਲ ਸਬੰਧਤ ਮੁਲਾਜ਼ਮਾਂ ਦੀਆਂ ਵਾਇਰਲ ਹੋਈਆਂ ਹਨ ਜਿਥੇ ਦੋ ਪੁਲਿਸ ਮੁਲਾਜ਼ਮ ਨਸ਼ਾ ਕਰਦੇ ਹੋਏ ਦੇਖੇ ਗਏ। ਇਹ ਫੋਟੋਆਂ ਯੂਥ ਕਾਂਗਰਸ ਦੇ ਹੀ ਜਿਲ੍ਹਾ ਪ੍ਰਧਾਨ ਰੂਬੀ ਗਿੱਲ ਵੱਲੋਂ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ ਗਈਆਂ ਤੇ ਇਸ ਦੇ ਨਾਲ ਹੀ ਉੁਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਰੂਬੀ ਗਿੱਲ ਵਲੋਂ ਇਨ੍ਹਾਂ ਦੋਵੇਂ ਪੁਲਿਸ ਮੁਲਾਜ਼ਮਾਂ ਦੇ ਨਾਂ ਦੱਸ ਦਿੱਤੇ ਗਏ ਹਨ। ਇਸ ਸਬੰਧੀ ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਾਰਾ ਮਾਮਲਾ ਉੱਚ ਅਧਿਕਾਰੀਆਂ ਨੂੰ ਦੱਸ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਜਿਸ ਤਰ੍ਹਾਂ ਦੇ ਨਿਰਦੇਸ਼ ਮਿਲਣਗੇ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਜਦੋਂ ਫਾਜ਼ਿਲਕਾ ਦੇ ਐੱਸ. ਪੀ. ਤੋਂ ਇਸ ਸਬੰਧੀ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਇਹ ਬਹੁਤ ਹੀ ਸ਼ਰਮਨਾਕ ਹਰਕਤ ਹੈ ਤੇ ਇਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਸਾਰਿਆਂ ਲਈ ਇਕੋ ਜਿਹਾ ਹੈ। ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ।