Shiromani Akali Dal : 3 ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਸਟੈਂਡ ‘ਚ ਬਦਲਾਅ ਕੀਤਾ ਹੈ। ਸ਼ਨੀਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ‘ਚ ਪਾਰਟੀ ਨੇਤਾਵਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਰਡੀਨੈਂਸ ਸੰਸਦ ‘ਚ ਪੇਸ਼ ਕਰਨ ਤੋਂ ਪਹਿਲਾਂ ਸਰਕਾਰ ਕਿਸਾਨਾਂ ਦੇ ਸਾਰੇ ਭੁਲੇਖੇ ਦੂਰ ਕਰਨ। ਕਿਸਾਨਾਂ ਨੂੰ ਲੱਗਦਾ ਹੈ ਕਿ ਫਸਲਾਂ ‘ਤੇ ਮਿਲਣ ਵਾਲਾ ਘੱਟੋ-ਘੱਟ ਸਮਰਥਨ ਮੁੱਲ ਬੰਦ ਹੋ ਜਾਵੇਗਾ। ਮੰਡੀਆਂ ਦੀ ਵਿਵਸਥਾ ਖਤਮ ਹੋ ਜਾਵੇਗੀ ਅਤੇ ਉਨ੍ਹਾਂ ਨੂੰ ਕਾਰਪੋਰੇਟਸ ‘ਤੇ ਨਿਰਭਰ ਰਹਿਣਾ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਦੇ ਮਨ ‘ਚ ਡਰ ਹੈ। ਇਸ ਨੂੰ ਜਲਦ ਹੀ ਇਕ ਪ੍ਰਤੀਨਿਧੀ ਮੰਡਲ ਕੇਂਦਰ ਨਾਲ ਮਿਲੇਗਾ। ਤਿੰਨੋਂ ਆਰਡੀਨੈਂਸਾਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਵਿਰੋਧ ਹੋ ਚੁੱਕਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਤੇ ਖੇਤ ਮਜ਼ਦੂਰਾਂ ਦੀਆਂ ਸਾਰੀਆਂ ਗਲਤਫਹਿਮੀਆਂ ਦੂਰ ਹੋਣ ਤਕ ਤਿੰਨ ਆਰਡੀਨੈਂਸ ਪ੍ਰਵਾਨਗੀ ਲਈ ਸੰਸਦ ‘ਚ ਪੇਸ਼ ਨਾ ਕਰੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਖਦਸ਼ਿਆਂ ਨੂੰ ਦੂਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ। ਸ. ਬਾਦਲ ਨੇ ਦੱਸਿਆ ਕਿ ਇਨ੍ਹਾਂ 3 ਆਰਡੀਨੈਂਸਾਂ ਸਬੰਧੀ ਪਾਰਟੀ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਕਿਸਾਨ ਪ੍ਰਤੀਨਿਧਾਂ ਤੇ ਖੇਤ ਮਜ਼ਦੂਰਾਂ ਨਾਲ ਮੀਟਿੰਗਾਂ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਨੇ ਪਾਰਟੀ ਵਰਕਰਾਂ ਤੇ ਸੀਨੀਅਰ ਪਾਰਟੀ ਆਗੂਆਂ ਦੀ ਸਲਾਹ ਵੀ ਲਈ ਹੈ।
ਸ. ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਗੁਆਂਢੀ ਰਾਜਾਂ ਦੇ ਕਿਸਾਨਾਂ ਤੇ ਕਿਸਾਨ ਸੰਗਠਨਾਂ ਤੱਕ ਵੀ ਪਹੁੰਚ ਕੀਤੀ ਹੈ। ਇਸ ਦੌਰਾਨ ਕੌਰ ਕਮੇਟੀ ਨੇ ਇਹ ਵੀ ਮਹਿਸੂਸ ਕੀਤਾ ਕਿ ਇਹ ਸਹੀ ਰਹੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਫਦ ਦੀ ਅਗਵਾਈ ਕਰਨ ਜੋ ਕੇਂਦਰ ਸਰਕਾਰ ਕੋਲ ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਗੱਲਬਾਤ ਕਰੇ। ਇਸਨੇ ਕਿਹਾ ਕਿ ਵਫਦ ਕੇਂਦਰ ਸਰਕਾਰ ਤੇ ਹਮਖਿਆਲੀ ਪਾਰਟੀਆਂ ਨਾਲ ਗੱਲਬਾਤ ਕਰੇਗਾ ਤਾਂ ਜੋ ਆਉਂਦੇ ਦਿਨਾਂ ਵਿਚ ਕਿਸਾਨਾਂ ਦੇ ਖਦਸ਼ੇ ਦੂਰ ਕੀਤੇ ਜਾ ਸਕਣ। ਇਸ ਮੌਕੇ ਜਥੇ. ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਬਲਦੇਵ ਸਿੰਘ ਮਾਨ, ਮਨਜਿੰਦਰ ਸਿੰਘ ਸਿਰਸਾ, ਨਿਰਮਲ ਸਿੰਘ ਕਾਹਲੋਂ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ। ਸ. ਬਾਦਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੇ ਹਾਂ ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਲੜਦੇ ਰਹਾਂਗੇ ਤੇ ਕਿਸੇ ਵੀ ਕੁਰਬਾਨੀ ਲਈ ਤਿਆਰ ਹਾਂ।