Shiromani Akali Dal : ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਹੋਈ ਮੀਟਿੰਗ ‘ਚ ਸ਼ਾਮਲ ਹੋਏ। ਇਸ ਮੀਟਿੰਗ ਦਾ ਮੁੱਖ ਮੁੱਦਾ 1 ਅਕਤੂਬਰ ਨੂੰ ਹੋਣ ਵਾਲੇ ਕਿਸਾਨ ਮਾਰਚ ਸਬੰਧੀ ਵਿਚਾਰ-ਚਰਚਾ ਕਰਨਾ ਸੀ। ਮੀਟਿੰਗ ‘ਚ ਜਿਲ੍ਹੇ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਭਾਜਪਾ ਤੋਂ ਗਠਜੋੜ ਤੋੜਨ ਦੀ ਮੰਗ ਕੀਤੀ ਇਸ ‘ਤੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਅਕਾਲੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਉਹ ਆਖਰੀ ਦਮ ਤੱਕ ਸੰਘਰਸ਼ ਕਰਦੇ ਰਹਿਣਗੇ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰ ਵੱਲੋਂ ਪਾਸ ਕੀਤੇ ਗਏ ਇਨ੍ਹਾਂ ਖੇਤੀ ਬਿੱਲਾਂ ਖਿਲਾਫ ਸਾਰੀਆਂ ਧਿਰਾਂ ਨੂੰ ਇਕਜੁੱਟ ਹੋ ਕੇ ਆਵਾਜ਼ ਚੁੱਕਣ ਨੂੰ ਕਿਹਾ ਤੇ ਦੱਸਿਆ ਕਿ ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ ਸਗੋਂ ਹੁਣ ਸਾਰਿਆਂ ਨੂੰ ਕਿਸਾਨਾਂ ਦੇ ਹਿੱਤਾਂ ਲਈ ਅੱਗੇ ਆਉਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਿਸਾਨਾਂ ਦੇ ਹੱਕ ‘ਚ ਖੜ੍ਹਿਆ ਹੈ ਤੇ ਇਸੇ ਲਈ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਬਿੱਲ ਕਿਸਾਨਾਂ ਦੇ ਹਿੱਤ ‘ਚ ਨਹੀਂ ਹਨ ਤੇ ਇਨ੍ਹਾਂ ਨੂੰ ਕਿਸੇ ਵੀ ਹਾਲਤ ‘ਚ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ। ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਆਰ-ਪਾਰ ਦੀ ਲੜਾਈ ਲੜੇਗਾ।