Social distance is : ਪੰਜਾਬ ਭਰ ਵਿੱਚ ਕੋਵਿਡ -19 ਦੇ ਵੱਧ ਰਹੇ ਖ਼ਤਰੇ ਨੂੰ ਵੇਖਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ -19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਸਿਵਲ ਸਰਜਨ ਨੂੰ ਸ਼ਹਿਰੀ ਖੇਤਰਾਂ ਦੀਆਂ ਜਨਤਕ ਥਾਵਾਂ, ਬਾਜ਼ਾਰਾਂ ਅਤੇ ਸਬਜ਼ੀ ਮੰਡੀਆਂ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਣ ਕੱਟਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ। ਮੰਤਰੀ ਨੇ ਕਿਹਾ ਕਿ ਨੰਦੇੜ ਤੋਂ ਸ਼ਰਧਾਲੂਆਂ ਦੇ ਪੰਜਾਬ ਵਿੱਚ ਵਾਪਸ ਆਉਣ ਬਾਅਦ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 217 ਮਾਮਲੇ ਸਾਹਮਣੇ ਆਏ ਅਤੇ 9 ਮੌਤਾਂ ਦਰਜ ਕੀਤੀਆਂ ਗਈਆਂ, ਇਸ ਲਈ ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਉਹ ਐਕਸ਼ਨ ਪਲਾਨ ਦੀ ਯੋਜਨਾ ਬਣਾਉਣ ਲਈ ਤੁਰੰਤ ਕੰਟੇਨਮੈਂਟ ਅਤੇ ਮਾਈਕ੍ਰੋ-ਕੰਟੇਨਮੈਂਟ ਜ਼ੋਨਾਂ ਦੇ ਤਾਜ਼ਾ ਵੇਰਵੇ ਮੁੱਖ ਦਫ਼ਤਰ ਨੂੰ ਭੇਜਣ। ਜ਼ਿਲ੍ਹੇ ਤੋਂ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ, ਰਾਜ ਪੱਧਰੀ ਅਧਿਕਾਰੀ ਇਹਨਾਂ ਖੇਤਰਾਂ ਦੀ ਜ਼ਮੀਨੀ ਹਕੀਕਤ ਦਾ ਮੁਲਾਂਕਣ ਕਰ ਸਕਣਗੇ ਤਾਂ ਜੋ ਪ੍ਰਬੰਧਾਂ ਸਬੰਧੀ ਠੋਸ ਫੈਸਲਾ ਲਿਆ ਜਾ ਸਕੇ ਅਤੇ ਰੈਪਿਡ ਰਿਸਪਾਂਸ ਟੀਮਾਂ ਦੀਆਂ ਗਤੀਵਿਧੀਆਂ ਦੀ ਜਲਦ ਮੈਪਿੰਗ ਅਤੇ ਨਿਗਰਾਨੀ ਕਰਕੇ ਵਿਸ਼ੇਸ਼ ਖੇਤਰਾਂ ਵਿੱਚ ਵਾਇਰਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ।
ਸਮਾਜਿਕ ਗਤੀਵਿਧੀਆਂ/ਆਰਥਿਕਤਾ ਦੀ ਗਤੀ ਨੂੰ ਮੁੜ ਵੇਖਦਿਆਂ ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਹੋਣ ਤੋਂ ਪਰਹੇਜ਼ ਕਰਨ। ਉਹਨਾਂ ਕਿਹਾ ਕਿ ਜੇ ਲੋਕ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਇਹ ਜ਼ਰੂਰੀ ਹੈ ਕਿ ਇਕੱਠੇ ਯਾਤਰਾ ਕਰਨ/ਮਿਲਣ/ਖਾਣਾ ਖਾਣ ਤੋਂ ਪਰਹੇਜ਼ ਕਰਨ। ਮੰਤਰੀ ਨੇ ਕਿਹਾ ਕਿ ਜੇ ਕਿਸੇ ਮਹੱਤਵਪੂਰਨ ਕੰਮ ਲਈ ਬਾਹਰ ਜਾਣਾ ਜ਼ਰੂਰੀ ਹੈ ਤਾਂ ਹਰ ਕਿਸੇ ਨੂੰ ਮਾਸਕ ਲਗਾਉਣਾ ਚਾਹੀਦਾ ਹੈ ਅਤੇ ਹੱਥਾਂ ਦੀ ਸਫਾਈ ਰੱਖਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮਾਜਿਕ ਇਕੱਠਾਂ ਦੌਰਾਨ ਇੱਕ ਦੂਜੇ ਨੂੰ ਮਿਲਦੇ ਸਮੇਂ ਹੱਥ ਮਿਲਾਉਣ ਜਾਂ ਗਲੇ ਲਗਾਉਣ ਤੋਂ ਪਰਹੇਜ਼ ਕਰਨ।
ਭਾਰਤ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ/ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਸਮੇਂ ਸਮੇਂ ’ਤੇ ਪਾਬੰਦੀਆਂ ਨੂੰ ਲਾਗੂ ਕੀਤਾ ਹੈ। ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਨੇ ਲਾੱਕਡਾਉਨ 5.0/ਅਨਲੌਕ ਬਾਰੇ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜਿਸ ਤਹਿਤ ਸਾਰੇ ਜ਼ਿਲ੍ਹਿਆਂ ਦੇ ਨਾਨ-ਕੰਟੇਨਮੈਂਟ ਜ਼ੋਨਾਂ ਵਿੱਚ ਕਈ ਗਤੀਵਿਧੀਆਂ ਦੀ ਆਗਿਆ ਦਿੱਤੀ ਗਈ ਹੈ। ਲੋਕਾਂ ਨੂੰ ਅੰਤਰ-ਰਾਜੀ ਯਾਤਰਾ ਕਰਨ ਅਤੇ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਗਤੀਵਿਧੀ ਕਰਨ ਦੀ ਆਗਿਆ ਦਿੱਤੀ ਗਈ ਹੈ। ਅਜਿਹੀਆਂ ਛੋਟਾਂ ਵਿੱਚ, ਰਾਸ਼ਟਰ ਦੇ ਪ੍ਰਤੀ ਨਾਗਰਿਕਾਂ ਦਾ ਫਰਜ਼ ਬਣਦਾ ਹੈ ਕਿ ਉਹ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।