Sunil Jakhar writes : ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਖਿਲਾਫ ਆਪਣੀ ਹੀ ਸਰਕਾਰ ਵਿਰੁੱਧ ਝੰਡਾ ਚੁੱਕਣ ਵਾਲੇ ਕਾਂਗਰਸੀ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਖਿਲਾਫ਼ ਐਕਸ਼ਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਪਾਰਟੀ ਦੇ ਦੋਵਾਂ ਆਗੂਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ ।
ਜਾਖੜ ਨੇ ਦੋਵਾਂ ਦੀ ਸਖ਼ਤ ਸ਼ਬਦਾਂ ‘ਚ ਅਲੋਚਨਾ ਕਰਦੇ ਹੋਏ ਕਿਹਾ, “ਜਿਸ ਥਾਲੀ ਮੇਂ ਖਾਤੇ ਹੈਂ ਉਸੀ ਮੇਂ ਛੇਦ ਕਰਤੇ ਹੈਂ।” ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੋਵਾਂ ਸੰਸਦ ਮੈਂਬਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨਗੇ ਜੋ ਆਪਣੀਆਂ ਸਿਆਸੀ ਇੱਛਾਵਾਂ ਤੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਦੁਖਾਂਤ ਤੇ ਰਾਜਨੀਤੀ ਕਰ ਰਹੇ ਹਨ। ਪਿਛਲੇ ਦਿਨੀਂ ਦੋਵਾਂ ਵਲੋਂ ਆਪਣੀ ਹੀ ਸਰਕਾਰ ਖਿਲਾਫ ਬਿਗੁਲ ਵਜਾਉਂਦਿਆਂ CM ਨੂੰ ਸਿੱਧਾ ਨਿਸ਼ਾਨੇ ‘ਤੇ ਲਿਆ ਗਿਆ ਸੀ ਤੇ ਦੋਵਾਂ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਵਿਚ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਪੰਜਾਬ ਕਾਂਗਰਸ ਦੇ ਮੁਖੀ ਨੇ ਕਿਹਾ ਕਿ ਬਾਜਵਾ ਤੇ ਦੂਲੋ ਦੀਆਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਦਮੀ, ਜਿਨ੍ਹਾਂ ਕੋਲ ਚੋਣਾਂ ਦਾ ਸਾਹਮਣਾ ਕਰਨ ਦੀ ਹਿੰਮਤ ਵੀ ਨਹੀਂ ਸੀ, ਉਹ ਪਾਰਟੀ ਦੀ ਕੋਈ ਸੰਪਤੀ ਨਹੀਂ ਹਨ। ਇਸ ਤਰ੍ਹਾਂ ਪਿੱਛੋਂ ਛੁਰਾ ਮਾਰਨ ਵਾਲੇ ਮੈਂਬਰਾਂ ਤੋਂ ਸਾਨੂੰ ਬਚਣ ਦੀ ਲੋੜ ਹੈ। ਸਾਨੂੰ ਪਹਿਲਾਂ ਹੀ ਇਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਉਣ ਦੀ ਲੋੜ ਹੈ ਇਸ ਤੋਂ ਪਹਿਲਾਂ ਕਿ ਇਹ ਸਾਨੂੰ ਕੋਈ ਗੰਭੀਰ ਨੁਕਸਾਨ ਪਹੁੰਚਾਉਣ।