The Assembly passed : ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਮਾਨਸੂਨ ਸੈਸ਼ਨ ਕਾਰਵਾਈ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਇਸ ਸੈਸ਼ਨ ਵਿਚ ਤਿੰਨ ਮੁੱਖ ਬਿੱਲ ਪਾਸ ਕੀਤੇ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖੇਤੀ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦੱਸਦਿਆਂ ਮਤਾ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਪੰਜਾਬ ‘ਚ ਕੈਦੀਆਂ ਦੀ ਅਸਥਾਈ ਰਿਹਾਈ ਬਿਲ-2020 ਪੇਸ਼ ਕੀਤਾ ਗਿਆ ਤੇ ਤੀਸਰਾ ਬਿਲ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤਾ ਗਿਆ ਜਿਸ ਵਿਚ ਪੰਜਾਬ ਵਿੱਤੀ ਜ਼ਿੰਮੇਵਾਰੀ ਤੇ ਬਜਟ ਪ੍ਰਬੰਧ (ਦੂਜੀ ਸੋਧੀ) ਬਿਲ-2020 ਪੇਸ਼ ਕੀਤਾ ਗਿਆ। ਇਨ੍ਹਾਂ ਤਿੰਨਾਂ ਬਿੱਲਾਂ ਨੂੰ ਵਿਧਾਨ ਸਭਾ ਵਲੋਂ ਪਾਸ ਕੀਤਾ ਗਿਆ।
ਇਥੇ ਇਹ ਵੀ ਦੱਸਣਯੋਗ ਹੈ ਕਿ ਅਕਾਲੀ ਦਲ ਵਲੋਂ ਪਿਛਲੇ ਕੁਝ ਦਿਨਾਂ ਤੋਂ ਇਕ ਦਿਨਾ ਇਜਲਾਸ ਬੁਲਾਉਣ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਵਿਧਾਨ ਸਭਾ ਸੈਸ਼ਨ ਬੁਲਾ ਕੇ ਸਿਰਫ ਫਾਰਮੈਲਿਟੀ ਪੂਰੀ ਕਰਨਾ ਚਾਹੁੰਦੀ ਹੈ ਤੇ ਉਹ ਵਿਰੋਧੀ ਧਿਰ ਦੇ ਸਵਾਲਾਂ ਤੋਂ ਬਚਣਾ ਚਾਹੁੰਦੀ ਹੈ। ਇਸ ਲਈ ਅਕਾਲੀ ਦਲ ਵਲੋਂ ਸੈਸ਼ਨ ‘ਚ ਹਿੱਸਾ ਨਹੀਂ ਲਿਆ ਗਿਆ। ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੈਸ਼ਨ ਤੋਂ ਪਹਿਲਾਂ ਸਿਰਫ ਉਨ੍ਹਾਂ ਵਿਧਾਇਕਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ।
ਵਿਧਾਨ ਸਭਾ ਸੈਸ਼ਨ ‘ਚ ਪਹਿਲਾਂ ਕੋਵਿਡ ਯੋਧਿਆਂ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ, ਗੈਲਵਾਨ ਘਾਟੀ ਦੇ ਸ਼ਹੀਦਾਂ, ਰਾਜਨੀਤਿਕ ਸ਼ਖਸੀਅਤਾਂ ਸਮੇਤ 28 ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਇਸ ਤੋਂ ਇਲਾਵਾ ਹੋਰ ਕਈ ਮਹੱਤਵਪੂਰਨ ਮੁੱਦੇ ਚੁੱਕੇ ਗਏ। ਆਪ ਵਿਧਾਇਕਾਂ ਵਲੋਂ ਪੀ. ਪੀ. ਈ. ਕਿੱਟਾਂ ਪਾ ਕੇ ਵਿਧਾਨ ਸਭਾ ਸੈਸ਼ਨ ‘ਚ ਹਿੱਸਾ ਲਿਆ ਗਿਆ।