The Captain instructed : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਖਰਚਿਆਂ ਨੂੰ ਤਰਕਸੰਗਤ ਕਰਨ ਤਾਂ ਜੋ ਇਸ ਮਹਾਮਾਰੀ ਖਿਲਾਫ ਜੰਗ ਵਿੱਚ ਕਿਸੇ ਵੀ ਕੀਮਤ ‘ਤੇ ਫੰਡਾਂ ਦੀ ਘਾਟ ਨਾ ਆਵੇ। ਵਿੱਤੀ ਪ੍ਰਬੰਧਨ ਬਾਰੇ ਕੈਬਨਿਟ ਦੀ ਉਚ ਤਾਕਤੀ ਕਮੇਟੀ ਦੀ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਭਰ ਦੇ ਅਧਿਐਨ ਅਤੇ ਰਿਪੋਰਟਾਂ ਨੂੰ ਦੇਖਦਿਆਂ ਕੋਵਿਡ ਬਾਰੇ ਜੋ ਗੰਭੀਰ ਤਸਵੀਰ ਪੇਸ਼ ਸਾਹਮਣੇ ਆ ਰਹੀ ਹੈ, ਉਸ ਵਿੱਚ ਅਨੁਮਾਨ ਚੰਗੇ ਨਹੀਂ ਹਨ। ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਸੂਬੇ ਨੂੰ ਦਰਪੇਸ਼ ਆਰਥਿਕ ਸੰਕਟ ਦੇ ਬਾਵਜੂਦ ਸਿਹਤ ਸਿੱਖਿਆ ਤੇ ਬੁਨਿਆਦੀ ਢਾਂਚੇ ਜਿਹੇ ਜ਼ਰੂਰੀ ਖੇਤਰਾਂ ਦੇ ਪੂੰਜੀਗਤ ਖਰਚੇ ਦੇ 5000 ਕਰੋੜ ਰੁਪਏ ਬਰਕਰਾਰ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਅਤੇ ਲੌਕਡਾਊਨ ਕਰਕੇ ਸਾਲ 2020-21 ਦੇ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 30 ਫੀਸਦੀ ਗਿਰਾਵਟ ਦਾ ਅਨੁਮਾਨ ਹੈ।
ਅਣਕਿਆਸੇ ਸੰਕਟ ਦੇ ਚੱਲਦਿਆਂ ਸੂਬੇ ਦੀ ਆਰਥਿਕ ਸਥਿਤੀ ਦਾ ਜਾਇਜ਼ਾ ਲੈਂਦਿਆ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿਰੰਤਰ ਇਹ ਯਕੀਨੀ ਬਣਾ ਰਹੀ ਹੈ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਨਖਾਹ ਤੇ ਪੈਨਸ਼ਨਾਂ ਸਮੇਂ ਸਿਰ ਮਿਲਣ ਅਤੇ ਨਾਲ ਹੀ ਪੀ.ਐਸ.ਪੀ.ਸੀ.ਐਲ. ਨੂੰ ਬਿਜਲੀ ਸਬਸਿਡੀ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਆਫ਼ਤਨ ਖਿਲਾਫ ਜੰਗ ਵਿੱਚ 24 ਘੰਟੇ ਡਟੇ ਸਿਹਤ, ਪੁਲਿਸ ਤੇ ਸਥਾਨਕ ਸਰਕਾਰਾਂ ਵਿਭਾਗਾਂ ਦੇ ਫਰੰਟਲਾਈਨ ਵਰਕਰਾਂ ਨੂੰ ਫੰਡ ਜਾਰੀ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਸੰਕਟ ਦੇ ਬਾਵਜੂਦ ਸਥਾਨਕ ਸ਼ਹਿਰੀ ਇਕਾਈਆਂ ਤੇ ਪੰਚਾਇਤਾਂ ਨੂੰ ਸਾਰੀਆਂ ਗਰੰਟਾਂ ਦਾ ਸਫਲਤਾਪੂਰਵਕ ਭੁਗਤਾਨ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਤਨਖਾਹਾਂ ਦੇਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਅੱਗੇ ਕਿਹਾ ਕਿ ਮੈਡੀਕਲ ਬਿੱਲਾਂ, ਪੈਟਰੋਲ ਤੇ ਡੀਜ਼ਲ ਬਿੱਲਾਂ ਤੇ ਹੋਰ ਫੁਟਕਲ ਦਫਤਰੀ ਖਰਚਿਆਂ ਦਾ ਹੁਣ ਤੱਕ ਭੁਗਤਾਨ ਹੋ ਚੁੱਕਾ ਹੈ ਅਤੇ ਨਾਲ ਹੀ ਨਵੇਂ ਏਕੀਕ੍ਰਿਤ ਵਿੱਤੀ ਪ੍ਰਬੰਧਨ ਸਿਸਟਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।
ਸੂਬੇ ਨੂੰ ਨਾਜ਼ੁਕ ਆਰਥਿਕ ਸੰਕਟ ਵਿੱਚੋਂ ਕੱਢਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਤੇਜ਼ੀ ਨਾਲ ਉਦਯੋਗਿਕ ਪੁਨਰ ਸੁਰਜੀਤੀ ‘ਤੇ ਜ਼ੋਰ ਦਿੰਦਿਆਂ ਰਾਜਪੁਰਾ, ਬਠਿੰਡਾ, ਮੱਤੇਵਾੜਾ (ਲੁਧਿਆਣਾ) ਤੇ ਵਜ਼ੀਰਾਬਾਦ (ਫਤਹਿਗੜ੍ਹ ਸਾਹਿਬ) ਵਿਖੇ ਉਦਯੋਗਿਕ ਪਾਰਕਾਂ ਦੇ ਵਿਕਾਸ ‘ਤੇ ਵਧੇਰੇ ਜ਼ੋਰ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਨਿਵੇਸ਼ਕਾਂ ਨੂੰ ਖਿੱਚਣ ਵੱਲ ਧਿਆਨ ਦੇਣਾ ਚਾਹੀਦਾ ਹੈ ਖਾਸ ਕਰਕੇ ਉਹ ਉਦਯੋਗ ਤੇ ਵਪਾਰ ਜੋ ਮਹਾਮਾਰੀ ਦੇ ਕਾਰਨ ਚੀਨ ਤੋਂ ਬਾਹਰ ਜਾ ਰਹੇ ਹਨ। ਵਿੱਤ ਵਿਭਾਗ ਦੇ ਅਨੁਮਾਨਾਂ ਅਨੁਸਾਰ ਸਾਲ 2019-20 ਦੀ 574760 ਕਰੋੜ ਰੁਪਏ ਦੀ ਜੀ.ਐਸ.ਡੀ.ਪੀ. (ਸੋਧੇ ਅਨੁਮਾਨ) ਨਾਲੋਂ ਇਸ ਸਾਲ ਦੀ ਜੀ.ਐਸ.ਡੀ.ਪੀ. ਵਿੱਚ ਮਨਫੀ ਨਾਮਾਤਰ ਵਾਧੇ ਦੀ ਉਮੀਦ ਕੀਤੀ ਜਾ ਸਕਦੀ ਹੈ। ਪਿਛਲੀਆਂ ਕੁੱਲ ਮਾਲੀਆ ਪ੍ਰਾਪਤੀਆਂ/ਜੀ.ਐਸ.ਡੀ.ਪੀ. ਵਾਧੇ ਦੇ ਔਸਤ ਰੁਝਾਨਾਂ ਅਨੁਸਾਰ ਪੰਜਾਬ ਨੂੰ ਮੌਜੂਦਾ ਵਿੱਤੀ ਸਾਲ 2020-21 ਵਿੱਚ ਕੁੱਲ 62246 ਕਰੋੜ ਰੁਪਏ ਦੇ ਮਾਲੀਏ ਪ੍ਰਾਪਤੀ ਦੀ ਉਮੀਦ ਸੀ ਪਰ ਹੁਣ ਇਸ ਵਿੱਚ 25758 ਕਰੋੜ ਰੁਪਏ ਦੇ ਕਰੀਬ ਗਿਰਾਵਟ ਆ ਰਹੀ ਹੈ ਜੋ ਕਿ ਕੁੱਲ ਮਾਲੀਆ ਪ੍ਰਾਪਤੀ ਦਾ 29.26 ਫੀਸਦੀ ਬਣਦਾ ਹੈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਿੱਤੀ ਸਲਾਹਕਾਰ ਵੀ.ਕੇ.ਗਰਗ ਅਤੇ ਵਿੱਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।