The captain mourned : ਅੱਜ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦਾ ਦਿਹਾਂਤ ਹੋ ਗਿਆ ਹੈ। ਉਹ 84 ਸਾਲਾਂ ਦੇ ਸਨ ਤੇ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ ਤੇ ਫੇਫੜੇ ਦੇ ਇੰਫੈਕਸ਼ਨ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦੇ ਦੇਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਹ ਗੱਲ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਸਾਂਝੇ ਕਰਦੇ ਹੋਏ ਕਿਹਾ ਕਿ ਪ੍ਰਣਬ ਮੁਖਰਜੀ ਜੀ ਸਾਡੇ ਲਈ ਵੱਡੇ ਭਰਾਵਾਂ ਦੀ ਤਰ੍ਹਾਂ ਸਨ ਤੇ ਉਨ੍ਹਾਂ ਦੇ ਚਲੇ ਜਾਣ ਨਾਲ ਸਾਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪ੍ਰਣਬ ਮੁਖਰਜੀ ਦੇ ਪਰਿਵਾਰ, ਮਿਤਰਾਂ ਨਾਲ ਡੂੰਘੀ ਹਮਦਰਦੀ ਰੱਖਦਾ ਹਾਂ ਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।
ਮੁੱਖ ਮੰਤਰੀ ਦੇ ਨਾਲ-ਨਾਲ ਹੋਰ ਵੀ ਕਈ ਆਗੂਆਂ ਵਲੋਂ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਨੇਤਾਵਾਂ ਤੋਂ ਲੈ ਕੇ ਆਮ ਲੋਕ ਵੀ ਉਨ੍ਹਾਂ ਨੂੰ ਸ਼ਰਧਾਂਲੀ ਦੇ ਰਹੇ ਹਨ। ਉਨ੍ਹਾਂ ਦਾ ਰਾਜਨੀਤਕ ਜੀਵਨ 40 ਸਾਲਾਂ ਤੋਂ ਵੀ ਲੰਬਾ ਰਿਹਾ ਹੈ। ਉਹ ਸਿਰਫ ਆਪਣੀ ਪਾਰਟੀ ਲਈ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਹਿੱਤ ਨੂੰ ਪਹਿਲ ਦਿੰਦੇ ਸਨ। ਮੁੱਖ ਮੰਤਰੀ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਵਲੋਂ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਤੇ ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਤਜਰਬੇਕਾਰ ਨੇਤਾ ਸਨ ਜਿਨ੍ਹਾਂ ਨੇ ਪੂਰੀ ਲਗਨ ਨਾਲ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਣਬ ਮੁਖਰਜੀ ਦੇ ਦੇਹਾਂਤ ਨਾਲ ਭਾਰਤੀ ਰਾਜਨੀਤੀ ‘ਚ ਵੱਡਾ ਖਾਲੀਪਨ ਮਹਿਸੂਸ ਕੀਤਾ ਜਾ ਰਿਹਾ ਹੈ।