The shameful act : ਪਟਿਆਲਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਚ ਕੰਮ ਕਰਨ ਵਾਲੇ ਵਾਰਡ ਮੁਲਾਜਮਾਂ ਵੱਲੋਂ ਹਸਪਤਾਲ ਵਿੱਚ ਦਾਖਲ ਇੱਕ ਮਰੀਜ਼ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਰੀਜ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਇਨ੍ਹਾਂ ਨੇ ICU ਵਿੱਚ ਮਰੀਜ਼ ਮਦਨ ਲਾਲ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ। ਹਾਲਾਂਕਿ ਇਸ ਮਾਮਲੇ ਵਿਚ ਹਸਪਤਾਲ ਦੀ ਤਰਫੋਂ ਕੁਝ ਨਹੀਂ ਕਿਹਾ ਜਾ ਰਿਹਾ ਹੈ, ਪਰ ਜੋ ਸੀਸੀਟੀਵੀ ਦੀ ਫੁਟੇਜ ਸਾਹਮਣੇ ਆਈ ਹੈ, ਉਸ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਉਥੇ ਤਾਇਨਾਤ ਮੁਲਾਜ਼ਮ ਬੈੱਡ ‘ਤੇ ਪਏ ਇਕ ਵਿਅਕਤੀ ਨਾਲ ਮਾਰਕੁੱਟ ਕਰ ਰਹੇ ਹਨ।
ਸਾਰੀ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਹੀ ਸਖਤ ਕਾਰਵਾਈ ਕੀਤੀ ਜਾਵੇਗੀ। ਮਰੀਜ਼ ਦੇ ਭਰਾ ਰਿੰਕੂ ਸ਼ਰਮਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੀ ਮਾਤਾ ਦਾ ਦੇਹਾਂਤ ਹੋ ਗਿਆ ਸੀ ਜਿਸ ਕਾਰਨ ਦੇਵਨੀਗੜ੍ਹ ਨਿਵਾਸੀ ਮਦਨ ਲਾਲ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ। ਇਸ ਕਾਰਨ ਉਸ ਨੂੰ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਹਸਪਤਾਲ ਦੇ ਡਾਕਟਰਾਂ ਨਾਲ ਜਦੋਂ ਇਸ ਬਾਰੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਪਰਿਵਾਰ ਦੇ ਸਾਰੇ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ।
ਪੁਲਿਸ ਨੇ ਮਦਨ ਲਾਲ ਦੇ ਬਿਆਨ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡਾਕਟਰ ਸੱਚ ਬੋਲ ਰਹੇ ਹਨ ਜਾਂ ਨਹੀਂ ਇਸ ਗੱਲ ਦੀ ਸੱਚਾਈ ਜਾਂਚ ਤੋਂ ਬਾਅਦ ਹੀ ਸਾਹਮਣੇ ਆਏਗੀ। ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।