Water Resources Minister : ਚੰਡੀਗੜ੍ਹ : ਅੱਜ ਜਲ ਸਰੋਤ ਮੰਤਰੀ ਸੁਖਵਿੰਦਰ ਸਿੰਘ ਸਰਕਾਰੀ ਤੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਪੰਜਾਬ ਦੇ ਜਿਲ੍ਹਾ ਮੁਕਤਸਰ ਤੇ ਫਾਜ਼ਿਲਕਾ ਦੇ ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਸੁਣੀਆਂ ਤੇ ਜਲ ਨਿਕਾਸੀ ਯੋਜਨਾ ਨੂੰ ਲਾਗੂ ਕਰਨ ਲਈ ਸਬੰਧਤ ਵਿਭਾਗ ਨੂੰ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਉਨਾਂ ਨਾਲ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਵਲਾ ਤੇ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਵੀ ਹਾਜ਼ਰ ਸਨ। ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੇਮ ਨਾਲਿਆਂ ਸਬੰਧੀ ਸਹੀ ਪ੍ਰਬੰਧ ਕਰਨ ਦੀ ਜ਼ਰੂਰਤ ਹੈ ਤੇ ਇਸ ਲਈ ਸਰਕਾਰ ਵੱਲੋਂ ਸਬੰਧਤ ਵਿਭਾਗ ਨੂੰ ਢੁਕਵੇਂ ਪ੍ਰਾਜੈਕਟ ਤਿਆਰ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਖੇਤਾਂ ਤੇ ਆਬਾਦੀ ਖੇਤਰਾਂ ‘ਚ ਪਾਣੀ ਨੂੰ ਯੋਜਨਾਬੱਧ ਤਰੀਕੇ ਨਾਲ ਕੱਢਣ ਦੀ ਯੋਜਨਾ ਤਿਆਰ ਕੀਤੀ ਜਾਵੇ ਤੇ ਇਸ ਲਈ ਪਿੰਡਾਂ ‘ਚ ਨੋਡਲ ਅਫਸਰਾਂ ਨੂੰ ਤਾਇਨਾਤ ਕੀਤਾ ਜਾਵੇ।
ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਮੀਂਹ ਨਾਲ ਜਿਹੜੇ ਵੀ ਮਕਾਨਾਂ ਨੂੰ ਨੁਕਸਾਨ ਪੁੱਜਾ ਹੈ ਉਨ੍ਹਾਂ ਸਾਰਿਆਂ ਨੂੰ ਆਰਥਿਕ ਮਦਦ ਪਹੁੰਚਾਈ ਜਾਣੀ ਚਾਹੀਦੀ ਹੈ ਤੇ ਉਸਦਾ ਵੀ ਸਰਵੇ ਕਰਵਾ ਕੇ ਸਰਕਾਰ ਦੀ ਨੀਤੀ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਸ਼ੂਆਂ ਲਈ ਚਾਰੇ ਦੀ ਵਿਵਸਥਾ ਕਰਨ ਲਈ ਵੀ ਜਿਲ੍ਹਾ ਪ੍ਰਸ਼ਾਸਨ ਨੂੰ ਆਖਿਆ ਗਿਆ ਹੈ।ਮਾਲ ਮੰਤਰੀ ਨੇ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਮਗਨਰੇਗਾ ਤਹਿਤ ਜਾਬ ਕਾਰਡ ਧਾਰਕਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ ਤਾਂ ਜੋ ਮਜ਼ਦੂਰਾ ਨੂੰ ਆਮਦਨ ਹੋ ਸਕੇ ਅਤੇ ਫੌਰੀ ਤੌਰ ’ਤੇ ਉਨਾਂ ਦੀ ਮਦਦ ਹੋ ਸਕੇ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਢੁਕਵੀਂ ਯੋਜਨਾਬੰਦੀ ਕਰੇਗੀ ਪਰ ਫਿਲਹਾਲ ਫੌਰੀ ਤਰਜੀਹ ਜਲ ਨਿਕਾਸੀ ਦੀ ਹੈ ਤਾਂ ਜੋ ਕਿਸਾਨ ਆਪਣੀਆਂ ਫਸਲਾਂ ਦੀ ਬਿਜਾਈ ਕਰ ਸਕਣ।
ਇਸ ਮੌਕੇ ਦੋਵੇਂ ਕੈਬਨਿਟ ਮੰਤਰੀਆ ਅਤੇ ਸੂਬਾ ਕਾਂਗਰਸ ਪ੍ਰਧਾਨ ਵੱਲੋਂ ਅਬੋਹਰ ਬਾਈਪਾਸ, ਦੁਤਾਰਾ ਵਾਲੀ, ਮਲੁਕਪੁਰਾ, ਭੰਗਾਲਾ, ਧਰਾਂਗਵਾਲਾ, ਮੁਰਾਦਵਾਲਾ, ਘੁੜਿਆਣਾ, ਬੁਰਜ ਹਨੂੰਮਾਨਗੜ,ਕੁਹਾੜਿਆਵਾਲੀ,ਮਮੂਖੇੜਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਵੱਲੋਂ ਦੱਸੇ ਅਨੁਸਾਰ ਅਧਿਕਾਰੀਆਂ ਨੂੰ ਤੁਰੰਤ ਪਾਣੀ ਦੀ ਨਿਕਾਸੀ ਕਰਵਾਉਣ ਲਈ ਕਿਹਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਸਕੱਤਰ ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ ਹਰਜੀਤ ਸਿੰਘ, ਸੰਦੀਪ ਜਾਖੜ, ਜ਼ਿਲਾ ਕਾਂਗਰਸ ਪ੍ਰਧਾਨ ਰੰਜਮ ਕਾਮਰਾ, ਚੀਫ ਇੰਜੀਨੀਅਰ ਸੰਜੀਵ ਗੁਪਤਾ, ਏਡੀਸੀ ਵਿਕਾਸ ਨਵਲ ਕੁਮਾਰ ਆਦਿ ਵੀ ਹਾਜ਼ਰ ਸਨ।