Young man killed : ਹੁਸ਼ਿਆਰਪੁਰ ਦੇ ਪਿੰਡ ਚੱਕੋਵਾਲ ਸ਼ੇਖਾਂ ‘ਚ ਐਤਵਾਰ ਰਾਤ ਕੁਝ ਲੋਕਾਂ ਨੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮੌਤ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪਿੰਡ ਦੇ ਹੀ ਕੁਝ ਨੌਜਵਾਨ ਉਸਨੂੰ ਇਕ ਵਿਆਹ ਸਮਾਰੋਹ ਵਿਚ ਲੈ ਕੇ ਗਏ ਅਤੇ ਵਾਪਸ ਆਉਂਦੇ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਉਸ ਨੂੰ ਮਾਰ ਦਿੱਤਾ। ਪੁਲਿਸ ਨੇ ਪਿਤਾ ਦੇ ਬਿਆਨ ‘ਤੇ 8 ਲੋਕਾਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤਾ ਹੈ। ਸੋਮਵਾਰ ਸਵੇਰੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।
ਮ੍ਰਿਤਕ ਦੀ ਪਛਾਣ 23 ਸਾਲਾ ਕਰਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਵਜੋਂ ਹੋਈ ਹੈ। ਉਸ ਦੇ ਚਾਚਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲੌਕਡਾਊਨ ਦੌਰਾਨ ਪਿੰਡ ਦੇ ਕੁਝ ਨੌਜਵਾਨਾਂ ਨਾਲ ਝਗੜਾ ਹੋ ਗਿਆ ਸੀ। ਇਸੇ ਕਾਰਨ ਉਸਨੂੰ ਮਾਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਲਗਭਗ 9 ਵਜੇ ਕੁਝ ਨੌਜਵਾਨ ਕਰਨਦੀਪ ਨੂੰ ਵਿਆਹ ਸਮਾਰੋਹ ਵਿਚ ਲੈ ਕੇ ਗਏ ਸਨ ਤੇ ਵਾਪਸ ਪਰਤਦੇ ਸਮੇਂ ਦਰਜਨ ਭਰਨ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਤੇ ਹਮਲਾ ਕਰ ਦਿੱਤਾ। ਕਰਨਦੀਪ ਦੇ ਜ਼ਮੀਨ ‘ਤੇ ਡਿੱਗਦੇ ਹੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਥਾਣਾ ਬੁੱਲ੍ਹੋਵਾਲ ਦੇ ਐੱਸ. ਐੱਚ. ਓ. ਅਜਮੇਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪੁੱਜੀ। ਲਾਸ਼ ਨੂੰ ਮੋਰਚਰੀ ਵਿਚ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਿਤਾ ਦੇ ਬਿਆਨ ‘ਤੇ 8 ਲੋਕਾਂ ਖਿਲਾਫ ਧਾਰਾ 302 ਦੇ ਨਾਲ 148 ਤੇ 149 ਅਧੀਨ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।