ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਅੱਜ ਅਹਿਮ ਪ੍ਰੈੱਸ ਕਾਨਫਰੰਸ ਕਰਨਗੇ। ਇਹ ਪ੍ਰੈੱਸ ਵਾਰਤਾ ਉਹ ਅੰਮ੍ਰਿਤਸਰ ਵਿੱਚ ਸਵੇਰੇ 11.45 ਵਜੇ ਕਰਨਗੇ। ਡੀਜੀਪੀ ਪ੍ਰੈੱਸ ਵਾਰਤਾ ਦੌਰਾਨ ਬੀਤੀ ਰਾਤ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਧਮਾਕਿਆਂ ਨੂੰ ਲੈ ਕੇ ਕਰ ਵੱਡੇ ਖੁਲਾਸੇ ਕਰ ਸਕਦੇ ਹਨ।
ਮੰਗਲਵਾਰ ਰਾਤ ਨੂੰ ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਸਾਹਮਣੇ ਇੱਕ ਧਮਾਕਾ ਹੋਇਆ। ਕਿਹਾ ਜਾ ਰਿਹਾ ਹੈ ਕਿ ਇੱਕ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਦੀ ਵਰਤੋਂ ਕੀਤੀ ਗਈ ਸੀ। ਖੁਸ਼ਕਿਸਮਤੀ ਨਾਲ, ਧਮਾਕੇ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਇਹ ਧਮਾਕਾ ਸ਼ਾਮ 7:57 ਵਜੇ ਜਲੰਧਰ ਦੇ ਪੀਏਪੀ ਚੌਕ ਨੇੜੇ ਇੱਕ ਸਕੂਟੀ ਦੇ ਕੋਲ ਹੋਇਆ। ਇਸ ਧਮਾਕੇ ਵਿਚ ਸਕੂਟੀ ਦੇ ਪਰਖੱਚੇ ਉੱਡ ਗਏ। ਧਮਾਕੇ ਦੀ CCTV ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਤੇ ਫੋਰੈਂਸਿਕ ਟੀਮਾਂ ਵੱਲੋਂ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।
ਉਥੇ ਹੀ ਜਲੰਧਰ ਦੇ ਧਮਾਕੇ ਤੋਂ ਬਾਅਦ ਰਾਤ 11 ਵਜੇ ਦੇ ਕਰੀਬ ਅੰਮ੍ਰਿਤਸਰ ਵਿਚ ਖਾਸਾ ਕੈਂਪ ਦੇ ਕੋਲ ਸਥਿਤ ਆਰਮੀ ਕੈਂਪ ਦੇ ਬਾਹਰ ਜੋਰਦਾਰ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਇਸ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੌਜ ਦੀਆਂ ਟੀਮਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀਆਂ, ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਸੁਰੱਖਿਆ ਸਖ਼ਤ ਕਰ ਦਿੱਤੀ। ਜਾਂਚ ਲਈ ਇੱਕ ਫੋਰੈਂਸਿਕ ਟੀਮ ਅਤੇ ਡੌਗ ਸਕੁਐਡ ਨੂੰ ਵੀ ਬੁਲਾਇਆ ਗਿਆ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਧਮਾਕੇ ਨਾਲ ਫੌਜ ਕੈਂਪ ਦੀ ਬਾਹਰੀ ਕੰਧ ‘ਤੇ ਲੱਗੇ ਟੀਨ ਦੇ ਚਾਦਰਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਸਮੇਂ ਕਿਸੇ ਦੇ ਜ਼ਖਮੀ ਹੋਣ ਜਾਂ ਜਾਇਦਾਦ ਦੇ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਅਧਿਕਾਰੀਆਂ ਮੁਤਾਬਕ ਪੂਰੇ ਇਲਾਕੇ ਵਿੱਚ ਭਾਰੀ ਪੁਲਿਸ ਅਤੇ ਫੌਜ ਤਾਇਨਾਤ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਸੁਪਰਡੈਂਟ ਆਦਿਤਿਆ ਵਾਰੀਅਰ ਨੇ ਕਿਹਾ ਕਿ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕੀਤੀ ਗਈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਫੋਰੈਂਸਿਕ ਟੀਮਾਂ ਸਬੂਤ ਇਕੱਠੇ ਕਰ ਰਹੀਆਂ ਹਨ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦਾ ਸਹੀ ਕਾਰਨ ਸਾਹਮਣੇ ਆਵੇਗਾ।









