ਅੰਮ੍ਰਿਤਸਰ ਦੇ ਛੇਹਰਟਾ ਥਾਣਾ ਇਲਾਕੇ ਵਿੱਚ ਦੇਰ ਰਾਤ ਗੋਲੀਬਾਰੀ ਦੀ ਇੱਕ ਸੰਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਸਾਗਰ ਉਰਫ਼ ਲਵ, ਜੋ ਛੇਹਰਟਾ ਦਾ ਰਹਿਣ ਵਾਲਾ ਹੈ ਅਤੇ ਇੱਕ ਜਾਣੇ-ਪਹਿਚਾਣੇ ਪਰਿਵਾਰ ਨਾਲ ਸੰਬੰਧਿਤ ਹੈ, ‘ਤੇ ਅਣਪਛਾਤੇ ਹਮਲਾਵਰ ਵੱਲੋਂ ਗੋਲੀ ਚਲਾਈ ਗਈ। ਜ਼ਖਮੀ ਨੌਜਵਾਨ ਨੂੰ ਤੁਰੰਤ ਅਮਨਦੀਪ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦਾ ਇਲਾਜ ਜਾਰੀ ਹੈ ਅਤੇ ਡਾਕਟਰਾਂ ਮੁਤਾਬਕ ਉਸਦੀ ਹਾਲਤ ਇਸ ਵੇਲੇ ਸਥਿਰ ਦੱਸੀ ਜਾ ਰਹੀ ਹੈ।
ਮੌਕੇ ‘ਤੇ ਪਹੁੰਚੇ ਏਸੀਪੀ ਸ਼ਿਵ ਦਰਸ਼ਨ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਹਮਲਾ ਉਸ ਵੇਲੇ ਹੋਇਆ ਜਦੋਂ ਨੌਜਵਾਨ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਅਤੇ ਉਸਦੀ ਭੈਣ ਨਾਲ ਸੀ। ਇਸ ਦੌਰਾਨ ਇੱਕ ਨਕਾਬਪੋਸ਼ ਨੌਜਵਾਨ ਐਕਟਿਵਾ ‘ਤੇ ਆਇਆ ਅਤੇ ਅਚਾਨਕ ਗੋਲੀ ਚਲਾ ਕੇ ਫਰਾਰ ਹੋ ਗਿਆ। ਗੋਲੀ ਨੌਜਵਾਨ ਦੇ ਪੇਟ ਵਿੱਚ ਲੱਗੀ।

ਪੁਲਿਸ ਦੇ ਮੁਤਾਬਕ ਫਿਲਹਾਲ ਕੋਈ ਪੁਰਾਣੀ ਰੰਜਿਸ਼ ਜਾਂ ਧਮਕੀ ਦੀ ਗੱਲ ਸਾਹਮਣੇ ਨਹੀਂ ਆਈ, ਪਰ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀਸੀਟੀਵੀ ਫੁਟੇਜ ਵੀ ਖੰਗਾਲੇ ਜਾ ਰਹੇ ਹਨ ਅਤੇ ਕੁਝ ਮਹੱਤਵਪੂਰਨ ਸੁਰਾਗ ਹੱਥ ਲੱਗੇ ਹਨ। ਏਸੀਪੀ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਮਾਮਲੇ ਵਿੱਚ ਕਿਸੇ ਗੈਂਗਸਟਰ ਲਿੰਕ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਪੁਲਿਸ ਇਸ ਕੋਣ ਤੋਂ ਵੀ ਜਾਂਚ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ :
ਜੇਲ੍ਹ ‘ਚ ਬੰਦ ਬ.ਦ.ਮਾ/ਸ਼ ਜੱ/ਗੂ ਦੀ ਮਾਸੀ ਨੇ ਜਿੱਤੀ ਚੋਣ, ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੀ ਬਣੀ ਚੇਅਰਪਰਸਨ
ਦੂਜੇ ਪਾਸੇ, ਸਾਬਕਾ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਇਸ ਘਟਨਾ ਦੀ ਕੜੀ ਨਿੰਦਾ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇੱਕ-ਦੋ ਦਿਨਾਂ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਾਂ ਕਾਂਗਰਸ ਵੱਲੋਂ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਦਾ ਘਿਰਾਓ ਵੀ ਸ਼ਾਮਲ ਹੋਵੇਗਾ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
