ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਪ੍ਰੋ ਲੀਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ, ਦੇਸ਼ ਦੀ ਤਰੱਕੀ ਅਤੇ ਭਾਰਤੀ ਹਾਕੀ ਟੀਮ ਦੀ ਕਾਮਯਾਬੀ ਲਈ ਅਰਦਾਸ ਕੀਤੀ।
ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਸ੍ਰੀ ਦਰਬਾਰ ਸਾਹਿਬ ਆ ਕੇ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋ ਲੀਗ ਦੌਰਾਨ ਭਾਰਤੀ ਟੀਮ ਦਾ ਪ੍ਰਦਰਸ਼ਨ ਬੇਹੱਦ ਸ਼ਾਨਦਾਰ ਰਿਹਾ ਅਤੇ ਪੂਰੀ ਟੀਮ ਨੇ ਇੱਕਜੁੱਟ ਹੋ ਕੇ ਮੈਦਾਨ ਵਿੱਚ ਵਧੀਆ ਖੇਡ ਦਿਖਾਇਆ। ਉਨ੍ਹਾਂ ਕਿਹਾ ਕਿ ਟੀਮ ਦੀ ਮਿਹਨਤ ਦਾ ਨਤੀਜਾ ਹੀ ਹੈ ਕਿ ਭਾਰਤ ਨੇ ਇਸ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਾਕਿਸਤਾਨ ਵਰਗੀ ਮਜ਼ਬੂਤ ਟੀਮ ਨੂੰ ਵੀ ਵੱਡੇ ਫ਼ਰਕ ਨਾਲ ਹਰਾਉਣ ਵਿੱਚ ਸਫ਼ਲਤਾ ਹਾਸਲ ਕੀਤੀ।
ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦਾ ਕੋਈ ਵੀ ਮੁਕਾਬਲਾ ਸਿਰਫ਼ ਖੇਡ ਨਹੀਂ ਹੁੰਦਾ, ਸਗੋਂ ਦੋਵੇਂ ਦੇਸ਼ਾਂ ਦੇ ਖੇਡ ਪ੍ਰੇਮੀਆਂ ਲਈ ਖਾਸ ਮਹੱਤਵ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਨਾ ਟੀਮ ਲਈ ਮਾਣ ਵਾਲੀ ਗੱਲ ਹੁੰਦੀ ਹੈ ਅਤੇ ਇਸ ਨਾਲ ਖਿਡਾਰੀਆਂ ਦਾ ਮਨੋਬਲ ਵੀ ਕਾਫ਼ੀ ਵਧਦਾ ਹੈ। ਉਨ੍ਹਾਂ ਆਸ ਜਤਾਈ ਕਿ ਭਾਰਤੀ ਟੀਮ ਆਉਣ ਵਾਲੇ ਟੂਰਨਾਮੈਂਟਾਂ ਵਿੱਚ ਵੀ ਇਸੇ ਤਰ੍ਹਾਂ ਦਾ ਪ੍ਰਦਰਸ਼ਨ ਜਾਰੀ ਰੱਖੇਗੀ ਅਤੇ ਦੇਸ਼ ਲਈ ਹੋਰ ਤਗਮੇ ਜਿੱਤੇਗੀ।
ਇਹ ਵੀ ਪੜ੍ਹੋ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਿਹਾ- “ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ”
ਨੌਜਵਾਨ ਖਿਡਾਰੀਆਂ ਨੂੰ ਸੰਦੇਸ਼ ਦਿੰਦਿਆਂ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਲੋੜ ਸਿਰਫ਼ ਆਪਣੀ ਖੇਡ ‘ਤੇ ਪੂਰਾ ਧਿਆਨ ਦੇਣ, ਆਪਣੇ ਕੋਚਾਂ ਅਤੇ ਵੱਡਿਆਂ ਦੀ ਸਲਾਹ ਮੰਨਣ ਅਤੇ ਇਮਾਨਦਾਰੀ ਨਾਲ ਮਿਹਨਤ ਕਰਨ ਦੀ ਹੈ। ਜੇਕਰ ਖਿਡਾਰੀ ਲਗਨ ਨਾਲ ਮਿਹਨਤ ਕਰਨਗੇ ਤਾਂ ਇੱਕ ਦਿਨ ਸਫ਼ਲਤਾ ਜ਼ਰੂਰ ਉਨ੍ਹਾਂ ਦੇ ਕਦਮ ਚੁੰਮੇਗੀ।
ਉਨ੍ਹਾਂ ਕਿਹਾ ਕਿ ਉਹ ਬਚਪਨ ਤੋਂ ਹੀ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਆਉਂਦੇ ਰਹੇ ਹਨ ਅਤੇ ਹਰ ਵੱਡੇ ਟੂਰਨਾਮੈਂਟ ਤੋਂ ਪਹਿਲਾਂ ਜਾਂ ਬਾਅਦ ਗੁਰੂ ਘਰ ਆ ਕੇ ਅਸ਼ੀਰਵਾਦ ਲੈਣਾ ਆਪਣੀ ਖੁਸ਼ਕਿਸਮਤੀ ਸਮਝਦੇ ਹਨ। ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਆ ਕੇ ਜੋ ਆਤਮਿਕ ਸ਼ਾਂਤੀ ਅਤੇ ਸਕੂਨ ਮਿਲਦਾ ਹੈ, ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -:










