ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚਿਸਤਾਨ ਦੇ ਕਵੇਟਾ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੇ ਜਾਣ ਦੀ ਸਖਤ ਨਿੰਦਾ ਕੀਤੀ ਹੈ ਤੇ ਜ਼ਿਮੇਵਾਰ ਲੋਕਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਗੁਰਦੁਆਰੇ ਦੀ ਜਗ੍ਹਾ ‘ਤੇ ਇਕ ਸਕੂਲ ਚਲਾਇਆ ਜਾ ਰਿਹਾ ਹੈ। ਇਸ ਦਾ ਮਤਲਬ ਇਹ ਨਹੀਂ ਕਿ ਸਿਖਾਂ ਨੇ ਆਪਣੀ ਵਿਰਾਸਤ ਨੂੰ ਭੁਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਲੋਚਿਸਤਾਨ ਵਿਚ ਸਿੱਖ ਇਕ ਬਹੁਤ ਛੋਟੀ ਘੱਟ-ਗਿਣਤੀ ਆਬਾਦੀ ਹੈ ਤੇ ਇਸ ਲਈ ਸਿੱਖ ਵਿਰਾਸਤ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਰੱਖਣਾ ਪਾਕਿਸਤਾਨ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ।
ਜਥੇਦਾਰ ਨੇ ਕਿਹਾ ਕਿ ਇਹ ਪਤਾ ਲੱਗਾ ਹੈ ਕਿ ਗੁਰਦੁਆਰੇ ਨੂੰ ਬਿਨਾਂ ਕਿਸੇ ਨੂੰ ਸੂਚਨਾ ਦਿੱਤੇ ਢਾਹ ਦਿੱਤਾ ਗਿਆ ਸੀ ਤੇ ਉਸ ਦੀ ਜ਼ਮੀਨ ‘ਤੇ ਇਕ ਨਿੱਜੀ ਕੰਪਨੀ ਵੱਲੋਂ ਸ਼ਾਪਿੰਗ ਮਾਲ ਦਾ ਨਿਰਮਾਣ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਘੱਟ-ਗਿਣਤੀ ਭਾਈਚਾਰੇ ਨਾਲ ਸਬੰਧਤ ਇਕ ਧਾਰਮਿਕ ਥਾਂ ਨੂੰ ਢਾਹ ਦਿੱਤਾ ਗਿਆ ਤੇ ਉਸ ਦੀ ਜਗ੍ਹਾ ‘ਤੇ ਇਕ ਕੰਪਨੀ ਨੂੰ ਨਿੱਜੀ ਵਪਾਰਕ ਹਿੱਤਾਂ ਦੀ ਪੂਰਤੀ ਲਈ ਸੌਂਪ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਘੱਟ-ਗਿਣਤੀ ਭਾਈਚਾਰਿਆਂ ਦੇ ਖਿਲਾਫ ਅਤਿਆਚਾਰ ਹੈ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਸਟੂਡੈਂਟ ਕੌਂਸਲ ‘ਚ ਕਿਸਦੇ ਸਿਰ ਸਜੇਗਾ ਪ੍ਰਧਾਨਗੀ ਦਾ ਤਾਜ? ਅੱਜ ਸ਼ਾਮ ਤੱਕ ਹੋਵੇਗਾ ਫੈਸਲਾ
ਜਥੇਦਾਰ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਦਾ ਤਤਕਾਲ ਤੇ ਸਖਤ ਨੋਟਿਸ ਲੈਣਾ ਚਾਹੀਦਾ ਹੈ ਤੇ ਉਸੇ ਸਥਾਨ ‘ਤੇ ਗੁਰਦੁਆਰੇ ਦੇ ਪੁਨਰ ਨਿਰਮਾਣ ਦੇ ਸਬੰਧ ਵਿਚ ਸਿੱਖ ਭਾਈਚਾਰੇ ਨੂੰ ਵਿਸ਼ਵਾਸ ਵਿਚ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਗੁਰਦੁਆਰੇ ਦੀ ਜਗ੍ਹਾ ‘ਤੇ ਬਣ ਰਹੇ ਸ਼ਾਪਿੰਗ ਮਾਲ ਦੇ ਨਿਰਮਾਣ ਨੂੰ ਤੁਰੰਤ ਰੋਕਣ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੋਂ ਇਸ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਚੁੱਕਣ ਤੇ ਇਸ ਮੁੱਦੇ ਨੂੰ ਸੁਲਝਾਉਣ ਲਈ ਯਤਨ ਕਰਨ ਦੀ ਵੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








