ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ OFTEC ਪੰਜਾਬ ਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਭਗੌੜੇ ਗੈਂਗਸਟਰ ਜੋਬਨਜੀਤ ਸਿੰਘ ਉਰਫ ਬਿੱਲਾ ਨੂੰ ਭਾਰਤ ਡਿਪੋਰਟ ਕਰਕੇ ਪੰਜਾਬ ਲੈ ਆਈ ਹੈ। ਪੁਲਿਸ ਮੁਤਾਬਕ ਮੁਲਜ਼ਮ ਬਿੱਲਾ ਕਤਲ, ਕਤਲ ਦੀ ਕੋਸ਼ਿਸ਼, NDPS ਐਕਟ ਤੇ ਆਰਸਮ ਐਕਟ ਸਣੇ ਕਈ ਗੰਭੀਰ ਮਾਮਲਿਆਂ ਵਿਚ ਲੋੜੀਂਦਾ ਸੀ। ਉਹ ਲੰਬੇ ਸਮੇਂ ਤੋਂ ਵੱਖ-ਵੱਖ ਦੇਸ਼ਾਂ ਵਿਚ ਲੁਕ ਕੇ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਪੰਜਾਬ ਵਿਚ ਉਸ ਖਿਲਾਫ 4 ਕਤਲ ਦੇ ਮਾਮਲੇ ਦਰਜ ਹਨ।
ਇਹ ਕਾਰਵਾਈ ਪੰਜਾਬ ਪੁਲਿਸ ਦੇ ‘ਆਪ੍ਰੇਸ਼ਨ ਨੋਮੈਡ ਹੰਟ’ ਤਹਿਤ ਕੀਤੀ ਗਈ। ਲਗਭਗ 6 ਮਹੀਨੇ ਤੱਕ ਚੱਲੀ ਇਸ ਮੁਹਿੰਮ ਵਿਚ ਲਗਾਤਾਰ ਨਿਗਰਾਨੀ, ਰਣਨੀਤਕ ਖੁਫੀਆ ਜਾਣਕਾਰੀ ਇਕੱਠੀ ਕਰਨ ਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਕੀਤਾ ਗਿਆ ਜਿਸ ਦੇ ਬਾਅਦ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਭਾਰਤ ਲਿਆਂਦਾ ਜਾ ਸਕਿਆ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੀ ਹੋਈ ਵੱਡੀ ਜਿੱਤ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਹੁਣ ਮੁਲਜ਼ਮ ਤੋਂ ਪੁੱਛਗਿਛ ਕਰਕੇ ਉਸ ਦੇ ਅਪਰਾਧਿਕ ਨੈਟਵਰਕ, ਵਿਦੇਸ਼ ਵਿਚ ਮੌਜੂਦ ਸੰਪਰਕਾਂ ਤੇ ਪੰਜਾਬ ਵਿਚ ਸਰਗਰਮ ਗਿਰੋਹਾਂ ਨਾਲ ਸੰਭਾਵਿਤ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਕਾਨੂੰਨ ਤੋਂ ਬਚਣ ਲਈ ਵਿਦੇਸ ਭੱਜਣ ਵਾਲੇ ਅਪਰਾਧੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਦੀ ਮਦਦ ਨਾਲ ਅਜਿਹੇ ਭਗੌੜੇ ਮੁਲਜ਼ਮਾਂ ਨੂੰ ਭਾਰਤ ਲਿਆ ਕੇ ਨਿਆਂ ਦੇ ਕਟਹਿਰੇ ਤੱਕ ਪਹੁੰਚਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:










