10 Farmers’ Associations : ਨਵੀਂ ਦਿੱਲੀ : ਕਿਸਾਨ ਜਥੇਬੰਦੀਆਂ ਵੱਲੋਂ ਅੱਜ 3 ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ ‘ਤੇ ਭੁੱਖ ਹੜਤਾਲ ਜਾਰੀ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਮਨਾਉਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਅੰਦੋਲਨ ਨੂੰ ਖਤਮ ਕੀਤਾ ਜਾ ਸਕੇ। ਇਸੇ ਦਰਮਿਆਨ ਉੱਤਰ ਪ੍ਰਦੇਸ਼, ਕੇਰਲ, ਤਾਮਿਲਨਾਡੂ, ਤੇਲੰਗਾਨਾ, ਬਿਹਾਰ ਅਤੇ ਹਰਿਆਣਾ ਵਰਗੇ ਵੱਖ-ਵੱਖ ਰਾਜਾਂ ਦੀਆਂ 10 ਕਿਸਾਨ ਜਥੇਬੰਦੀਆਂ ਜੋ ਕਿ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਨਾਲ ਜੁੜੀਆਂ ਹਨ, 3 ਖੇਤੀ ਬਿੱਲਾਂ ‘ਤੇ ਆਪਣਾ ਸਮਰਥਨ ਵਧਾਉਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰ ਰਹੀਆਂ ਹਨ ਤੇ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਕੋਈ ਵੱਡਾ ਐਲਾਨ ਹੋ ਸਕਦਾ ਹੈ। ਆਰਐਸਐਸ ਨਾਲ ਜੁੜੀ ਸੰਸਥਾ ਸਵਦੇਸ਼ੀ ਜਾਗਰਣ ਮੰਚ ਵੀ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦਾ ਸਮਰਥਨ ਕਰ ਰਿਹਾ ਹੈ। ਸੰਸਥਾ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਐਮਐਸਪੀ ਦੀ ਗਰੰਟੀ ਲੈਣੀ ਚਾਹੀਦੀ ਹੈ। ਘੱਟ ਕੀਮਤ ‘ਤੇ ਖਰੀਦ ਨੂੰ ਗੈਰਕਾਨੂੰਨੀ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ।
ਦਿੱਲੀ ਦੇ ਸਾਰੇ ਬਾਰਡਰਾਂ ‘ਤੇ ਕਿਸਾਨ ਅੱਜ ਭੁੱਖ ਹੜਤਾਲ ‘ਤੇ ਬੈਠੇ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਖ-ਵੱਖ ਰਾਜਾਂ ਦੇ ਕਿਸਾਨਾਂ ਨਾਲ ਲਗਾਤਾਰ ਮੁਲਾਕਾਤ ਕਰ ਰਹੀ ਹੈ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਮੰਥਨ ਕਰ ਰਹੀ ਹੈ। ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਤਰਾਖੰਡ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਸੀ, ਜਿਸ ਵਿੱਚ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁੱਝ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਧਿਆਨ ਯੋਗ ਹੈ ਕਿ ਖੇਤੀਬਾੜੀ ਕਾਨੂੰਨ ਬਾਰੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਕਈ ਦੌਰ ਵਿਚਾਰ ਵਟਾਂਦਰੇ ਹੋਏ ਹਨ, ਸਰਕਾਰ ਵੱਲੋਂ ਇਸ ਬਾਰੇ ਲਿਖਤੀ ਪ੍ਰਸਤਾਵ ਵੀ ਦਿੱਤਾ ਗਿਆ ਹੈ ਪਰ ਕੋਈ ਹੱਲ ਨਹੀਂ ਨਿਕਲਿਆ।
ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਕਹਿਣਾ ਹੈ ਕਿ ਕਿਸਾਨ ਆਪਣੀ ਜ਼ਿੱਦ ‘ਤੇ ਅੜੇ ਹੋਏ ਹਨ। ਇਸ ਨਾਲ ਕਿਸੇ ਮਸਲੇ ਦਾ ਹੱਲ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਸਰਕਾਰ ਨਾਲ ਗੱਲਬਾਤ ਕਰਨ ਤੇ ਮਸਲੇ ਦਾ ਹੱਲ ਲੱਭਣ। ਸਰਕਾਰ ਦੀ ਤਰਫੋਂ ਵਾਰ ਵਾਰ ਕਿਹਾ ਜਾ ਰਿਹਾ ਹੈ ਕਿ ਉਹ ਹਰ ਮੁੱਦੇ ‘ਤੇ ਵਿਚਾਰ ਵਟਾਂਦਰੇ ਲਈ ਤਿਆਰ ਹੈ, ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰਨਾ ਚਾਹੀਦਾ ਹੈ ਅਤੇ ਸੋਧਾਂ ਨੂੰ ਸਵੀਕਾਰਨਾ ਚਾਹੀਦਾ ਹੈ। ਪਰ ਕਿਸਾਨ ਹੁਣ ਕਾਨੂੰਨ ਨੂੰ ਰੱਦ ਕਰਨ ਦੀ ਮੰਗ ‘ਤੇ ਅੜ ਗਏ ਹਨ।