10 more farmers : ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ 26 ਜਨਵਰੀ ਨੂੰ ਹੋਈ ਹਿੰਸਾ ‘ਚ ਬਹੁਤ ਸਾਰੇ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀਆਂ ਕੋਸ਼ਿਸ਼ਾਂ ਸਦਕਾ ਬਹੁਤ ਸਾਰੇ ਕਿਸਾਨਾਂ ਨੂੰ ਰਿਹਾਅ ਕਰਵਾ ਲਿਆ ਗਿਆ ਹੈ ਤੇ ਅੱਜ ਜਾਣਕਾਰੀ ਸਾਂਝਾ ਕਰਦਿਆਂ ਉਨ੍ਹਾਂ ਦੱਸਿਆ ਕਿ 10 ਹੋਰ ਕਿਸਾਨਾਂ ਨੂੰ ਜ਼ਮਾਨਤ ਮਿਲ ਗਈ ਹੈ ਜਿਨ੍ਹਾਂ ਵਿਰੁੱਧ ਗਣਤੰਤਰ ਦਿਵਸ ਦੀ ਹਿੰਸਾ ਲਈ ਕੇਸ ਦਰਜ ਕੀਤਾ ਗਿਆ ਸੀ।
ਟਵਿਟਰ ‘ਤੇ ਜਾਣਕਾਰੀ ਦਿੰਦਿਆਂ ਸਿਰਸਾ ਨੇ ਉਨ੍ਹਾਂ ਦੇ ਨਾਂ ਵੀ ਸਾਂਝੇ ਕੀਤੇ ਜਿਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਸਿਰਸਾ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੀ ਕਾਨੂੰਨੀ ਟੀਮ ਨੇ 5 ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਜ਼ਮਾਨਤ ਕਰਵਾਉਣ ਵਿੱਚ ਸਹਾਇਤਾ ਕੀਤੀ ਹੈ। ਡੀਐਸਜੀਐਮਸੀ ਕਾਨੂੰਨੀ ਟੀਮ ਦੀ ਵੱਡੀ ਸਫਲਤਾ – ਐਫਆਈਆਰ 22/2021 ਦੇ ਤਹਿਤ ਗ੍ਰਿਫਤਾਰ ਕੀਤੇ ਗਏ 10 ਹੋਰ ਲੋਕਾਂ ਨੂੰ ਜ਼ਮਾਨਤ ਦਿੱਤੀ ਗਈ। ਜਗਸੀਰ ਸਿੰਘ, ਮੱਖਣ ਸਿੰਘ, ਬੀਰੇਂਦਰ ਸਿੰਘ, ਗੁਰਪਿੰਦਰ ਸਿੰਘ, ਜਸਮਿੰਦਰ ਸਿੰਘ, ਪਰਦੀਪ ਸਿੰਘ, ਹਰਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ ਪਿਛਲੇ ਲਗਭਗ 3 ਮਹੀਨਿਆਂ ਤੋਂ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਪਰ ਉਨ੍ਹਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਮੋਦੀ ਸਰਕਾਰ ਵੱਲੋਂ ਉਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਲੱਭਿਆ ਜਾ ਰਿਹਾ। ਇਸ ਕਿਸਾਨੀ ਅੰਦੋਲਨ ‘ਚ ਬਹੁਤ ਸਾਰੇ ਕਿਸਾਨ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ। ਸਰਕਾਰ ਤੇ ਕਿਸਾਨਾਂ ਦਰਮਿਆਨ ਹੁਣ ਤੱਕ ਬਹੁਤ ਵਾਰ ਗੱਲਬਾਤ ਵੀ ਹੋ ਚੁੱਕੀ ਹੈ ਪਰ ਅਜੇ ਤੱਕ ਕੋਈ ਹੱਲ ਨਹੀਂ ਹੋ ਸਕਿਆ ਹੈ।