ਪੰਜਾਬ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਖਿਲਾਫ ਚਲਾਈ ਮੁਹਿੰਮ ਤਹਿਤ ਵਣ ਰੱਖਿਅਕ ਇਕਬਾਲ ਸਿੰਘ, ਬੀਟ ਅਧਿਕਾਰੀ ਬੋਹਾ ਤੇ ਵਧੀਕ ਇੰਚਾਰਜ ਅਧਿਕਾਰੀ ਬੁਢਲਾਡਾ, ਜ਼ਿਲ੍ਹਾ ਮਾਨਸਾ ਨੂੰ ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਣ ਗਾਰਡ ਨੂੰ ਬਿੱਲੂ ਸਿੰਘ ਵਾਸੀ ਕਾਸਮਪੁਰ ਸ਼ੀਨਾ, ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ, ਜੋ ਬੱਕਰੀਆਂ ਚਰਾਉਂਦਾ ਸੀ ਅਤੇ ਹੱਥੀਂ ਮਜ਼ਦੂਰੀ ਕਰਦਾ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਬਿੱਲੂ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਬੀਟ ਬੋਹਾ ਦੇ ਜੰਗਲਾਤ ਗਾਰਡ ਇਕਬਾਲ ਸਿੰਘ ਨੇ ਉਸ ‘ਤੇ ਸਰਕਾਰੀ ਕਾਰਡ ਚੋਰੀ ਕਰਨ ਦਾ ਦੋਸ਼ ਲਗਾ ਕੇ 27 ਹਜ਼ਾਰ ਰੁਪਏ ਦੇਣ ਲਈ ਕਿਹਾ ਸੀ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਵਿਰੁੱਧ ਚੋਰੀ ਦਾ ਮਾਮਲਾ ਦਰਜ ਕੀਤਾ ਜਾਵੇਗਾ। ਉਸਨੇ ਇਹ ਵੀ ਦੱਸਿਆ ਕਿ ਸੌਦਾ 10,000 ਰੁਪਏ ਵਿੱਚ ਤੈਅ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੀ ਤਰਫੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਦੋਸ਼ੀ ਇਕਬਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।