2022 elections will be : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਵੱਡਾ ਬਿਆਨ ਦਿੰਦਿਆਂ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹੀ ਲੜੇ ਜਾਣ ਦਾ ਐਲਾਨ ਕੀਤਾ ਹੈ। ਇਸ ਦਾ ਮੁੱਖ ਕਾਰਨ ਕਾਂਗਰਸੀ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦਾ ਇਹ ਮੰਨਣਾ ਹੈ ਕਿ ਕੈਪਟਨ ਹੀ ਕਾਂਗਰਸ ਨੂੰ ਮੁੜ ਸੱਤਾ ’ਚ ਲਿਆ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਫੈਸਲੇ ’ਤੇ ਆਖਰੀ ਮੋਹਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਹੀ ਲੱਗੇਗੀ, ਜੋਕਿ ਸਹੀ ਸਮਾਂ ਆਉਣ ’ਤੇ ਲਗਾਈ ਜਾਵੇਗੀ।
ਉਨ੍ਹਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਮਤਭੇਜਾਂ ਸਬੰਧੀ ਸਪੱਸ਼ਟ ਕਰਦਿਆੰ ਕਿਹਾ ਕਿ ਮੁੱਖ ਮੰਤਰੀ ਸਿੱਧੂ ਨਾਲ ਹੱਲ ਕਰ ਲੈਣਗੇ। ਜਦੋਂ ਉਨ੍ਹਾਂ ਤੋਂ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਅਜਿਹੀਆਂ ਬੇਬੁਨਿਆਦ ਚਰਚਾਵਾਂ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਾਕਾ ਨੀਲਾ ਤਾਰਾ ਦੀ ਬਰਸੀ ’ਤੇ ਖਾਲਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਬਹੁਤ ਹੀ ਗੈਰ-ਜ਼ਿੰਮੇਦਾਰਾਨਾ ਬਿਆਨ ਕਰਾਰ ਦਿੱਤਾ। ਇਸ ਬਾਰੇ ਉਨ੍ਹਾਂ ਕਿਹਾ ਕਿ ਜਥੇਦਾਰ ਦੀ ਨਿਯੁਕਤੀ ਅਕਾਲੀ ਦਲ ਵੱਲੋਂ ਕੀਤੀ ਜਾਂਦੀ ਹੈ, ਇਸ ਤੋਂ ਹਰੇਕ ਕੋਈ ਜਾਣੂ ਹੈ, ਇਸ ਲਈ ਉਨ੍ਹਾਂ ਨੇ ਅਕਾਲੀ ਦਲ ਨੂੰ ਵੀ ਖਾਲਿਸਤਾਨ ’ਤੇ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਕਿਹਾ।