ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਮੁਆਇਨਾ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ 25 ਮੈਡੀਕਲ ਕਾਲਜ ਸਥਾਪਿਤ ਕੀਤੇ ਜਾਣਗੇ, ਜਿਨ੍ਹਾਂ ਵਿੱਚ 9 ਪਹਿਲਾਂ ਹੀ ਚੱਲ ਰਹੇ ਹਨ ਅਤੇ 16 ਨਵੇਂ ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਤਿੰਨ ‘ਤੇ ਵੀ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ, ਜਿਨ੍ਹਾਂ ‘ਚ ਇਕ ਕਪੂਰਥਲਾ ‘ਚ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ, ਇਕ ਸੰਗਰੂਰ ‘ਚ ਅਤੇ ਇਕ ਹੁਸ਼ਿਆਰਪੁਰ ‘ਚ ਹੈ।
ਸੀਐਮ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਦਾ ਮੈਡੀਕਲ ਕਾਲਜ 428 ਕਰੋੜ ਦੀ ਲਾਗਤ ਨਾਲ ਬਣੇਗਾ। ਇਹ 20 ਏਕੜ ਜ਼ਮੀਨ ‘ਤੇ ਬਣਾਇਆ ਜਾਵੇਗਾ, ਜਿਸ ਲਈ 55 ਫੀਸਦੀ ਰਾਜ ਸਰਕਾਰ ਅਤੇ 45 ਫੀਸਦੀ ਕੇਂਦਰ ਸਰਕਾਰ ਵੱਲੋਂ ਖਰਚ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਇਹ 25 ਮੈਡੀਕਲ ਕਾਲਜ ਬਣਾਏ ਜਾਣਗੇ ਤਾਂ ਜੋ ਪੰਜਾਬ ਦਾ ਹਰ ਜ਼ਿਲ੍ਹਾ ਇਨ੍ਹਾਂ ਮੈਡੀਕਲ ਕਾਲਜਾਂ ਦੇ ਸੰਪਰਕ ਵਿੱਚ ਰਹੇ।
ਉਨ੍ਹਾਂ ਅੱਗੇ ਕਿਹਾ ਕਿ ਇਹ ਫਾਰਮੂਲਾ ਇਸ ਲਈ ਲਿਆਂਦਾ ਗਿਆ ਹੈ ਕਿਉਂਕਿ ਯੂਕਰੇਨ ਦੀ ਜੰਗ ਦੌਰਾਨ ਇਹ ਤੱਥ ਸਾਹਮਣੇ ਆਇਆ ਸੀ ਕਿ ਸਾਡੇ ਦੇਸ਼ ਦੇ ਹੋਣਹਾਰ ਵਿਦਿਆਰਥੀ ਡਾਕਟਰੀ ਸਿੱਖਿਆ ਲਈ ਵਿਦੇਸ਼ਾਂ ਵਿਚ ਜਾ ਰਹੇ ਹਨ, ਉਨ੍ਹਾਂ ਨੂੰ ਇਸ ਦਾ ਬਹੁਤ ਫਾਇਦਾ ਹੋਵੇਗਾ।
ਸੀਐਮ ਮਾਨ ਨੇ ਅੱਗੇ ਕਿਹਾ ਕਿ ਸਰਕਾਰ ਆਪਣੇ ਹਰ ਐਲਾਨ ‘ਤੇ ਖਰਾ ਉਤਰ ਰਹੀ ਹੈ, ਹੁਣ ਤੱਕ ਵੱਖ-ਵੱਖ ਵਿਭਾਗਾਂ ‘ਚ 21 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਆਉਣ ਵਾਲੇ ਸਮੇਂ ‘ਚ 90 ਫੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਵੀ ਜ਼ੀਰੋ ‘ਤੇ ਆ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: