ਪਠਾਨਕੋਟ ਵਿੱਚ ਰਣਜੀਤ ਸਾਗਰ ਡੈਮ ਪ੍ਰਸ਼ਾਸਨ ਵੱਲੋਂ 32 ਮੁਲਾਜ਼ਮਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ, ਜਿਸ ਕਾਰਨ ਇਹ ਮੁਲਾਜ਼ਮ ਪਿਛਲੇ 73 ਦਿਨਾਂ ਤੋਂ ਡੈਮ ਮੁਖੀ ਦੇ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹਨ। ਹੁਣ ਇਨ੍ਹਾਂ ਪੀੜਤ ਮੁਲਾਜ਼ਮਾਂ ਦੇ ਪਰਿਵਾਰ ਵੀ ਉਨ੍ਹਾਂ ਦੇ ਸੰਘਰਸ਼ ਵਿੱਚ ਕੁੱਦ ਪਏ ਹਨ। ਇਨ੍ਹਾਂ ਪਰਿਵਾਰਾਂ ਦੇ ਦੋ ਬਜ਼ੁਰਗ ਮਾਧੋਪੁਰ ਨੇੜੇ 200 ਫੁੱਟ ਉੱਚੇ ਬਿਜਲੀ ਦੇ ਟਾਵਰ ‘ਤੇ ਚੜ੍ਹ ਗਏ।
ਹੁਣ ਇਨ੍ਹਾਂ ਪਰਿਵਾਰਾਂ ਨੇ ਡੈਮ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਪਰਿਵਾਰਾਂ ਨੇ ਨੌਕਰੀ ’ਤੇ ਬਹਾਲ ਹੋਣ ਤੱਕ ਸੰਘਰਸ਼ ਵਿੱਢਣ ਦੀ ਗੱਲ ਕਹੀ ਹੈ।
ਜਾਣਕਾਰੀ ਦਿੰਦਿਆਂ ਧਰਨਾਕਾਰੀਆਂ ਜਸਵੰਤ ਸਿੰਘ ਸੰਧੂ, ਰਜਿੰਦਰ ਕੁਮਾਰ ਤੇ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਡੈਮ ਪ੍ਰਸ਼ਾਸਨ ਵੱਲੋਂ ਬਿਨਾਂ ਕੋਈ ਨੋਟਿਸ ਦਿੱਤੇ ਹੀ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਲੋਕ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਸਨ, ਜਿਸ ਕਾਰਨ ਉਨ੍ਹਾਂ ਦੇ ਬਜ਼ੁਰਗ ਦੁਖੀ ਹੋ ਕੇ ਟਾਵਰ ’ਤੇ ਚੜ੍ਹ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਉਦਾਸੀਨਤਾ ਨੂੰ ਦੇਖਦਿਆਂ ਅਸੀਂ ਇਹ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਏ ਹਾਂ।
ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਇਹ ਲੋਕ ਵਾਪਸ ਡਿਊਟੀ ‘ਤੇ ਆ ਸਕਣ। ਉਨ੍ਹਾਂ ਕਿਹਾ ਕਿ ਹੁਣ ਕਰੀਬ 4 ਮਹੀਨੇ ਸੇਵਾ ਮੁਕਤ ਹੋ ਚੁੱਕੇ ਹਨ, ਜਿਨ੍ਹਾਂ ਮੁਲਾਜ਼ਮਾਂ ਨੇ ਬੈਂਕਾਂ ਤੋਂ ਕਰਜ਼ਾ ਲਿਆ ਸੀ, ਉਹ ਬੈਂਕ ਮੁਲਾਜ਼ਮ ਵੀ ਦਰਵਾਜ਼ੇ ’ਤੇ ਖੜ੍ਹੇ ਹਨ। ਧਰਨਾਕਾਰੀਆਂ ਨੇ ਕਿਹਾ ਕਿ ਜਦੋਂ ਸਾਨੂੰ ਤਨਖਾਹ ਹੀ ਨਹੀਂ ਮਿਲ ਰਹੀ ਤਾਂ ਬੈਂਕਾਂ ਦਾ ਕਰਜ਼ਾ ਤੇ ਘਰ ਦਾ ਗੁਜ਼ਾਰਾ ਕਿਵੇਂ ਕੀਤਾ ਜਾਵੇ ਇਹ ਸਮਝਣਾ ਵੀ ਬਹੁਤ ਮੁਸ਼ਕਲ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ : ਗੱਡੀ ਖੋਹਣ ਦਾ ਮਾਮਲਾ 48 ਘੰਟਿਆਂ ‘ਚ ਹੱਲ, ਪੁਲਿਸ ਨੇ ਪਿਸਤੌਲ-ਕਾਰਤੂਸ ਸਣੇ ਫੜੇ ਬਦਮਾਸ਼
ਦੱਸ ਦੇਈਏ ਕਿ ਉਸ ਵੇਲੇ ਦੀ ਸਰਕਾਰ ਨੇ ਰਣਜੀਤ ਸਾਗਰ ਡੈਮ ਦੇ ਨਿਰਮਾਣ ਦੌਰਾਨ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਡੈਮ ਹੇਠ ਆ ਗਈਆਂ ਸਨ, ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਤੋਂ ਬਾਅਦ 32 ਵਿਅਕਤੀਆਂ ਨੂੰ ਨੌਕਰੀ ‘ਤੇ ਰੱਖਿਆ ਗਿਆ ਸੀ। ਇਸ ਦੌਰਾਨ ਨੌਕਰੀ ਨਾ ਮਿਲਣ ਵਾਲੇ ਹੋਰ ਪਰਿਵਾਰਾਂ ਨੇ ਸੰਘਰਸ਼ ਸ਼ੁਰੂ ਕਰ ਦਿੱਤਾ। ਨਤੀਜੇ ਵਜੋਂ ਪੰਜਾਬ ਵਿੱਚ ਬਣੀ ਨਵੀਂ ਸਰਕਾਰ ਨੇ 32 ਮੁਲਾਜ਼ਮਾਂ ਨੂੰ ਸੇਵਾਮੁਕਤ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: