ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ 5 ਬੀਜੇਪੀ ਲੀਡਰਾਂ ‘ਤੇ ਖ਼ਤਰੇ ਨੂੰ ਵੇਖਦੇ ਹੋਏ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸਾਰੇ ਲੀਡਰਾਂ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਹ ਪੰਜ ਆਗੂ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਾਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਕਮਲਦੀਪ ਸੈਣੀ ਦੀ ਸੁਰੱਖਿਆ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਨ੍ਹਾਂ ਸਾਰਿਆਂ ਨੂੰ ਵਾਈ ਕੈਟਾਗਰੀ ਤਹਿਤ ਸੀ.ਆਰ.ਪੀ.ਐੱਫ. ਦੇ ਜਵਾਨਾਂ ਦਾ ਕਵਰ ਦਿੱਤਾ ਜਾਏਗਾ। ਸੂਤਰਾਂ ਮੁਤਾਬਕ ਖੁਫੀਆ ਏਜੰਸੀ ਇੰਟੈਲੀਜੈਂਸ ਬਿਊਰੋ ਨੇ ਇਨ੍ਹਾਂ ਪੰਜ ਨੇਤਾਵਾਂ ‘ਤੇ ਖਤਰੇ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀ ਸੀ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਸਾਰਿਆਂ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : AIG ਨੂੰ ਕਲੀਨ ਚਿਟ ਦੇਣ ‘ਤੇ SIT ਮੁਖੀ ਤਲਬ, ਰਿਸ਼ਵਤਖੋਰੀ ਤੇ ਜਰਬ-ਜ਼ਨਾਹ ਦਾ ਦੋਸ਼ੀ ਆਸ਼ੀਸ਼ ਕਪੂਰ
ਇਥੇ ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਮਹੀਨੇ ਆਪਣੀ ਪਾਰਟੀ ਸਣੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਹ ਪੰਜ ਆਗੂ ਵੀ ਕੈਪਟਨ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅੱਡ ਹੋ ਕੇ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ।
ਵੀਡੀਓ ਲਈ ਕਲਿੱਕ ਕਰੋ -: