5th day of : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੇ 5ਵੇਂ ਦਿਨ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਵਿੱਚ ਹੀ ਨੋਕ-ਝੋਕ ਹੋ ਗਈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਰਮਿਆਨ ਤਿੱਖੀ ਬਹਿਸ ਹੋਈ। ਸ਼੍ਰੋਮਣੀ ਅਕਾਲੀ ਦਲ ਨੇ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪੰਜਾਬ ਦੇ ਨੌਜਵਾਨਾਂ ’ਤੇ ਤਿਹਾੜ ਜੇਲ੍ਹ ‘ਚ ਅਤਿਆਚਾਰ ਕੀਤੇ ਜਾਣ ਦਾ ਦੋਸ਼ ਲਾਇਆ। ਸ਼੍ਰੋਮਣੀ ਅਕਾਲੀ ਦਲ ਨੇ ਇਸ ‘ਤੇ ਨਿੰਦਾ ਦੇ ਮਤੇ ਦੀ ਮੰਗ ਕੀਤੀ। ਇਸ ਤੋਂ ਬਾਅਦ ‘ਆਪ’ ਅਤੇ ਅਕਾਲੀ ਵਿਧਾਇਕਾਂ ਵਿੱਚ ਬਹਿਸ ਹੋ ਗਈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਕਈ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅਕਾਲੀ ਦਲ ਦੇ ਇਲਜ਼ਾਮ ਦਾ ਵਿਰੋਧ ਕੀਤਾ ਗਿਆ। ‘ਆਪ’ ਵਿਧਾਇਕਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਦਰਮਿਆਨ ਕਾਫੀ ਬਹਿਸ ਹੋਈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦੀ ਪੜਤਾਲ ਲਈ ਵਿਧਾਨ ਸਭਾ ਦੀ ਕਮੇਟੀ ਬਣਾਉਣ ਦੀ ਮੰਗ ਵੀ ਕੀਤੀ। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ, ਕਿਸਾਨਾਂ ਨੇ ਦਿੱਲੀ ਵਿੱਚ ਇੱਕ ਟਰੈਕਟਰ ਪਰੇਡ ਕੀਤੀ ਸੀ ਅਤੇ ਇਸ ਦੌਰਾਨ ਕਾਫ਼ੀ ਹੰਗਾਮਾ ਅਤੇ ਹਿੰਸਾ ਹੋਈ ਸੀ। ਦਿੱਲੀ ਪੁਲਿਸ ਨੇ ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਪੰਜਾਬ ਦੇ ਕਈ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਸੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਬਾਹਰ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਐਸ ਸੀ ਸਟੂਡੈਂਟਸ ਸਕਾਲਰਸ਼ਿਪ ਘੁਟਾਲੇ ਦੇ ਮੁੱਦੇ ‘ਤੇ ਵਿਰੋਧ ਜਤਾਇਆ। ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਵਿੱਚ ਬਿਜਲੀ ਦੇ ਮਹਿੰਗੇ ਰੇਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।