ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਉਨ੍ਹਾਂ 8 ਸਾਬਕਾ ਵਿਧਾਇਕਾਂ ਨੂੰ ਚੰਡੀਗੜ੍ਹ ਵਿੱਚ ਮੁਲੇ ਸਰਕਾਰੀ ਘਰ ਖਾਲੀ ਕਰਨ ਲਈ ਕਿਹਾ ਹੈ, ਜਿਨ੍ਹਾਂ ਨੇ ਚੋਣਾਂ ਹਾਰਨ ਮਗਰੋਂ ਵੀ ਕਬਜ਼ਾ ਨਹੀਂ ਛੱਡਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਇਹ ਘਰ ਤੁਰੰਤ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਪਹਿਲਾਂ ਹੀ ਨੋਟਿਸ ਭੇਜੇ ਜਾ ਚੁੱਕੇ ਹਨ। ਅਲਟੀਮੇਟਮ ਵੀ ਦਿੱਤਾ ਗਿਆ ਪਰ ਘਰ ਖਾਲੀ ਨਹੀਂ ਕੀਤਾ ਗਿਆ। ਹੁਣ ਉਨ੍ਹਾਂ ਨੂੰ ਆਖਰੀ ਵਾਰ ਨੋਟਿਸ ਭੇਜਿਆ ਜਾਵੇਗਾ। ਉਸ ਤੋਂ ਬਾਅਦ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ।
ਸਰਕਾਰੀ ਕੋਠੀ ’ਤੇ ਕਬਜ਼ਾ ਕਰਨ ਵਾਲਿਆਂ ਵਿੱਚ ਸਾਬਕਾ ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਬਿਕਰਮ ਸਿੰਘ ਮਜੀਠੀਆ ਅਤੇ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਕੁਲਬੀਰ ਜ਼ੀਰਾ, ਸੁਖਪਾਲ ਸਿੰਘ ਭੁੱਲਰ, ਅੰਗਦ ਸਿੰਘ, ਸਤਕਾਰ ਕੌਰ ਅਤੇ ਰਮਿੰਦਰ ਆਵਲਾ ਸ਼ਾਮਲ ਹਨ। ਰਮਿੰਦਰ
ਆਵਲਾ ਨੇ ਕਿਹਾ ਕਿ ਮੇਰੇ ਕੋਲ ਕੋਈ ਸਰਕਾਰੀ ਕੋਠੀ ਨਹੀਂ ਹੈ। ਮੈਂ ਆਪਣੇ ਸਾਰੇ ਬਕਾਏ ਕਲੀਅਰ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਦੀ ਪਤਨੀ ਇਸ ਵਾਰ ਮੌਜੂਦਾ ਵਿਧਾਇਕ ਹਨ ਤੇ ਉਨ੍ਹਾਂ ਦਾ ਘਰ ਪਤਨੀ ਦੇ ਨਾਂ ‘ਤੇ ਅਲਾਟ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ 25 ਮਾਰਚ ਤੱਕ ਦਾ ਸਮਾਂ ਦਿੱਤਾ ਗਿਆ ਸੀ। ਸਾਰਿਆਂ ਨੂੰ 15 ਦਿਨਾਂ ਦਾ ਨੋਟਿਸ ਦਿੱਤਾ ਗਿਆ ਸੀ। ਉਸ ਤੋਂ ਬਾਅਦ ਵੀ ਸਕੱਤਰੇਤ ਵੱਲੋਂ ਨੋਟਿਸ ਦਿੱਤੇ ਜਾਂਦੇ ਰਹੇ। ਹਾਲਾਂਕਿ ਇਨ੍ਹਾਂ 8 ਸਾਬਕਾ ਵਿਧਾਇਕਾਂ ਨੇ ਘਰ ਖਾਲੀ ਨਹੀਂ ਕੀਤਾ। ਇਸ ਕਾਰਨ ਹੁਣ ਸਾਬਕਾ ਵਿਧਾਇਕਾਂ ‘ਤੇ ਮੁਕੱਦਮਾ ਚਲਾਉਣ ਲਈ ਸਪੀਕਰ ਦੀ ਮਨਜ਼ੂਰੀ ਜ਼ਰੂਰੀ ਹੈ। ਸਪੀਕਰ ਕੁਲਤਾਰ ਸੰਧਵਾਂ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: