ਅੱਜ ਸੁਨਾਮ-ਲਹਿਰਾ ਮੁੱਖ ਸੜਕ ‘ਤੇ ਫਰਨੀਚਰ ਦੇ ਗੋਦਾਮ ਵਿਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ। ਗਨੀਮਤ ਰਹੀ ਕਿ ਜਾਨੀ ਨੁਕਸਾਨ ਹੋਣੋਂ ਬਚ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਗਣੇਸ਼ ਫਰਨੀਚਰ ਹਾਊਸ ਦੇ ਗੋਦਾਮ ਵਿਚ ਅੱਜ ਸਵੇਰੇ ਅਚਾਨਕ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ ਜਿਸ ਨੂੰ ਦੇਖ ਕੇ ਰਾਹਗੀਰਾਂ ਨੇ ਗੋਦਾਮ ਦੇ ਮਾਲਕਾਂ ਨੂੰ ਸੂਚਿਤ ਕੀਤਾ।
ਇਸ ਤੋਂ ਬਾਅਦ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਮੌਕੇ ‘ਤੇ ਬੁਲਾਇਆ ਗਿਆ ਤਾਂ ਜੋ ਅੱਗ ‘ਤੇ ਕਾਬੂ ਪਾਇਆ ਜਾ ਸਕੇ ਪਰ ਅੱਗ ਇੰਨੀ ਜ਼ਿਆਦਾ ਫੈਲ ਗਈ ਸੀ ਕਿ ਇਸ ਨੂੰ ਕਾਬੂ ਕਰਨ ਲਈ ਸੁਨਾਮ, ਸੰਗਰੂਰ, ਧੂਰੀ, ਮਾਲੇਰਕੋਟਲਾ ਤੇ ਬਰਨਾਲਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਤੇ ਬਹੁਤ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।
ਗੋਦਾਮ ਦੇ ਮਾਲਕ ਤੋਂ ਜਦੋਂ ਇਸ ਬਾਬਤ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਲੱਖਾਂ ਦਾ ਨੁਕਸਾਨ ਹੋ ਗਿਆ ਹੈ ਤੇ ਗੋਦਾਮ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਉਨ੍ਹਾਂ ਵੱਲੋਂ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਬਾਕੀ ਜਾਂਚ ਚੱਲ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਸੱਚ ਸਾਹਮਣੇ ਆ ਸਕੇਗਾ।
ਇਹ ਵੀ ਪੜ੍ਹੋ : ਜਲੰਧਰ ਦੇ ਸਿਵਲ ਹਸਪਤਾਲ ਤੋਂ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, ਰੌਲਾ ਪਾਉਣ ‘ਤੇ ਦੋਸ਼ੀ ਮਹਿਲਾ ਨੂੰ ਕੀਤਾ ਗਿਆ ਪੁਲਿਸ ਹਵਾਲੇ