A total of : ਮੋਗਾ: ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਪੂਰੇ ਜ਼ੋਰਾਂ ‘ਤੇ ਜਾਰੀ ਹੈ। ਇਕ ਪਾਸੇ ਜਿੱਥੇ ਖਰੀਦ ਏਜੰਸੀਆਂ, ਸਰਕਾਰੀ ਤੰਤਰ, ਆੜਤੀਏ ਅਤੇ ਹੋਰ ਧਿਰਾਂ ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਫਸਲ ਨੂੰ ਸੰਭਾਲਣ ਲੱਗੇ ਹੋਏ ਹਨ, ਉਥੇ ਹੀ ਪੰਜਾਬ ਸਰਕਾਰ ਦੇ ਕੰਨ ਅਤੇ ਅੱਖਾਂ ਬਣ ਕੇ ਆਪਣੀ ਡਿਊਟੀ ਨਿਭਾਅ ਰਹੇ ਖੁਸ਼ਹਾਲੀ ਦੇ ਰਾਖੇ (ਜੀ ਓ ਜੀ) ਵੀ ਕਣਕ ਦੀ ਖਰੀਦ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ। ਆਪਣੀ ਜਿਣਸ ਮੰਡੀਆਂ ‘ਚ ਵੇਚਣ ਲਈ ਪੁੱਜ ਰਹੇ ਕਿਸਾਨਾਂ ਦੀ ਸਹਾਇਤਾ ਲਈ ਖੁਸ਼ਹਾਲੀ ਦੇ ਰਾਖੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਡਟੇ ਹੋਏ ਹਨ। ਜੀ.ਓ.ਜੀ ਦੇ ਜ਼ਿਲ੍ਹਾ ਮੁਖੀ ਕਰਨਲ ਬਲਕਾਰ ਸਿੰਘ ਨੇ ਦੱਸਿਆ ਕਿ ਮੰਡੀਆਂ ‘ਚ ਕਿਸਾਨਾਂ ਦੀ ਸਹਾਇਤਾ ਕਰਨ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਨਿਪਟਾਰਾ ਕਰਵਾਉਣ ਦੇ ਨਾਲ-ਨਾਲ ਸਰਕਾਰ ਨੂੰ ਫੀਡਬੈਕ ਭੇਜਣ ਲਈ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੁਲ 107 ਖੁਸ਼ਹਾਲੀ ਦੇ ਰਾਖੇ ਰੋਜ਼ਾਨਾ ਮੰਡੀਆਂ ‘ਚ ਜਾ ਰਹੇ ਹਨ। ਇਹ ਖੁਸ਼ਹਾਲੀ ਦੇ ਰਾਖੇ ਜਿੱਥੇ ਕੋਵਿਡ ਤੋਂ ਬਚਾਅ ਲਈ ਸਾਰੇ ਅਹਿਤਿਹਾਤ ਦੀ ਪਾਲਣਾ ਕਰਵਾਉਂਦੇ ਹਨ ਉਥੇ ਹੀ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਲਈ ਵੀ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨੂੰ ਪ੍ਰੇਰਤ ਕੀਤਾ ਜਾਂਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਜੀ.ਓ.ਜੀ. ਵੱਲੋਂ ਜਿੱਥੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਹੀ ਮੰਡੀਆਂ ‘ਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਬਾਥਰੂਮ ਤੇ ਕੋਵਿਡ ਤੋਂ ਬਚਾਅ ਲਈ ਸੈਨੇਟਾਈਜਰ ਤੇ ਮਾਸਕਾਂ ਦੇ ਪ੍ਰਬੰਧ ਵੀ ਦੇਖੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਜੀ.ਓ.ਜੀਜ ਅਤੇ ਸਬ ਡਵੀਜਨ ‘ਚ ਸੁਪਰਵਾਈਜ਼ਰ ਨਿਗਰਾਨੀ ਦਾ ਕੰਮ ਕਰ ਰਹੇ ਹਨ। ਇਸੇ ਦੌਰਾਨ ਦਾਣਾ ਮੰਡੀ ਪਿੰਡ ਚੜਿੱਕ ਅਤੇ ਮੱਲੀਆਂ ਵਾਲਾ ਵਿੱਚ ਡਿਊਟੀ ਨਿਭਾਅ ਰਹੇ ਦੇ ਸੁਪਰਵਾਈਜ਼ਰ ਸੂਬੇਦਾਰ ਨਾਇਬ ਸਿੰਘ ਅਤੇ ਉਹਨਾਂ ਦੇ ਸਾਥੀ ਨੇ ਦੱਸਿਆ ਕਿ ਜਿੱਥੇ ਉਹਨਾਂ ਨੇ ਮੰਡੀਆਂ ਦੀ ਸਾਫ਼-ਸਫ਼ਾਈ ਤੇ ਹੋਰ ਪ੍ਰਬੰਧਾਂ ਦੀ ਨਿਗਰਾਨੀ ਕੀਤੀ, ਉਥੇ ਹੀ ਹੁਣ ਮੰਡੀਆਂ ‘ਚ ਕਣਕ ਦੀ ਆਮਦ ਹੋਣ ‘ਤੇ ਲਗਾਤਾਰ ਕਿਸਾਨਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ‘ਚ ਬੇਲੋੜੀ ਭੀੜ ਨੂੰ ਘਟਾਉਣ ਕੋਵਿਡ ਨਿਯਮਾਂ ਦੀ ਪਾਲਣਾਂ ਕਰਵਾਉਣ ਅਤੇ ਕਣਕ ਦੀ ਸੁਚੱਜੀ ਖਰੀਦ ‘ਤੇ ਵੀ ਨਿਗਰਾਨੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਆਉਣ ‘ਤੇ ਸਬੰਧਤ ਐਸ.ਡੀ.ਐਮਜ ਨਾਲ ਤਾਲਮੇਲ ਕਰਕੇ ਇਸ ਦਾ ਨਿਵਾਰਨ ਕਰਵਾਇਆ ਜਾਂਦਾ ਹੈ ਅਤੇ ਨਾਲ ਹੀ ਆਪਣੇ ਜ਼ਿਲ੍ਹਾ ਮੁਖੀ ਨੂੰ ਵੀ ਫੀਡਬੈਕ ਭੇਜੀ ਜਾਂਦੀ ਹੈ। ਇਸੇ ਦੌਰਾਨ ਮੰਡੀਆਂ ਦੇ ਅਧਿਕਾਰੀਆਂ, ਕਿਸਾਨਾਂ ਅਤੇ ਆੜ੍ਹਤੀਆਂ ਨੇ ਪੰਜਾਬ ਸਰਕਾਰ ਦੁਆਰਾ ਲਗਾਏ ਗਏ ਜੀ ਓ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਮੰਡੀ ਦੇ ਵਿਚ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਜੀ ਓ ਜੀ ਹੱਲ ਕਰਵਾਉਣ ਲਈ ਹਮੇਸ਼ਾ ਅੱਗੇ ਰਹਿੰਦੇ ਹਨ।