ਚੰਡੀਗੜ੍ਹ: 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਇਕ-ਦੂਜੇ ‘ਤੇ ਜ਼ੁਬਾਨੀ ਹਮਲੇ ਵੀ ਕੀਤੇ ਜਾ ਰਹੇ ਹਨ। ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ‘ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ 2017 ਵਿਚ ਬੇਰੋਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ ਜੋ ਕਿ ਅਜੇ ਤੱਕ ਪੂਰਾ ਨਹੀਂ ਹੋਇਆ।
ਚੀਮਾ ਨੇ ਦੱਸਿਆ ਕਿ ਸਾਲ 2017 ਵਿਚ ਚੋਣਾਂ ਸਮੇਂ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਾਰੀ ਕੀਤੇ ‘ਚੋਣ ਮਨੋਰਥ ਪੱਤਰ’ ਵਿੱਚ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦੇ ਤੋਂ ਮੁੱਕਰ ਗਈ। 2022 ਵਿਧਾਨ ਸਭਾ ਚੋਣਾਂ ਲਈ ਵੋਟਾਂ ਮੰਗਣ ਤੋਂ ਪਹਿਲਾਂ ਉਸ ਨੂੰ ਆਪਣੇ ਕੀਤੇ ਵਾਅਦੇ ਦਾ ਜਵਾਬ ਦੇਣਾ ਚਾਹੀਦਾ ਹੈ। ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਹਰੇਕ ਬੇਰੁਜ਼ਗਾਰ ਨੌਜਵਾਨ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਦੇਣਦਾਰ ਹੈ, ਕਿਉਂਕਿ ਕਾਂਗਰਸ ਸਰਕਾਰ ਨੇ ਕਿਸੇ ਵੀ ਬੇਰੁਜ਼ਗਾਰ ਨੌਜਵਾਨ ਨੂੰ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ, ਜਿਸ ਦਾ ਜਵਾਬ ਹੁਣ ਕਾਂਗਰਸ ਨੂੰ ਦੇਣਾ ਪਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਸੂਬੇ ਵਿਚੋਂ ਬੇਰੁਜ਼ਗਾਰ ਨੌਜਵਾਨਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣਾ, ਰੁਜ਼ਗਾਰ ਪ੍ਰਦਾਨ ਕਰਨ ਅਤੇ ਰੋਜ਼ਗਾਰ ਸੰਬੰਧੀ ਸਿਖਲਾਈ ਦੇਣ ਲਈ ‘ਇੰਮਲਾਇਮੈਂਟ ਬਿਊਰੋ’ ਖੋਲਣ ਦਾ ਵਾਅਦਾ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੁਣ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣ ਗਏ ਹਨ ਪਰ ਕਿਸੇ ਨੇ ਵੀ ਸੂਬੇ ਵਿੱਚ ਨਾ ਤਾਂ ਇੰਮਲਾਇਮੈਂਟ ਬਿਊਰੋ ਖੋਲ੍ਹੇ, ਨਾ ਬੇਰੁਜ਼ਗਾਰਾਂ ਦੇ ਨਾਂ ਦਰਜ ਕੀਤੇ ਗਏ, ਨਾ ਹੀ ਬੇਰੁਜ਼ਗਾਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਗਿਆ।