ਪੰਜਾਬ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ‘ਤੇ ਚੋਣਾਂ ਦੌਰਾਨ ਅਪਰਾਧਿਕ ਮਾਮਲੇ ਦੀ ਜਾਣਕਾਰੀ ਲੁਕਾਉਣ ਦਾ ਦੋਸ਼ ਹੈ। ਇਸ ਸਬੰਧੀ ਉਨ੍ਹਾਂ ਤੋਂ ਚੋਣ ਹਾਰਨ ਵਾਲੇ ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਤੋਂ ਬਾਅਦ ਹਾਈਕੋਰਟ ਨੇ ਵਿਧਾਇਕ ਹਰਮੀਤ ਸਿੰਘ ਨੂੰ 15 ਜੁਲਾਈ ਤੱਕ ਜਵਾਬ ਦੇਣ ਲਈ ਤਲਬ ਕੀਤਾ ਹੈ।
ਇਸ ਤੋਂ ਪਹਿਲਾਂ ਹਰਮੀਤ ਸਿੰਘ ਖ਼ਿਲਾਫ਼ ਚੋਣਾਂ ਦੌਰਾਨ ਮਾਮਲੇ ਦੇ ਵੇਰਵੇ ਲੁਕਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਇਹ ਕੇਸ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਦੀ ਸ਼ਿਕਾਇਤ ’ਤੇ ਥਾਣਾ ਸਨੌਰ ਦੇ ਜੁਲਕਾ ਵਿਖੇ ਦਰਜ ਕੀਤਾ ਗਿਆ ਸੀ।
ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਰਮੀਤ ਸਿੰਘ ਨੇ ਚੋਣ ਲੜਨ ਵੇਲੇ ਹਲਫ਼ਨਾਮੇ ਵਿੱਚ ਸਾਰੇ ਮਾਮਲਿਆਂ ਦੀ ਜਾਣਕਾਰੀ ਨਹੀਂ ਦਿੱਤੀ। ਅਜਿਹਾ ਹੀ ਇੱਕ ਮਾਮਲਾ ਹੈ ਜਿਸ ਵਿੱਚ ਉਨ੍ਹਾਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਨੇ ਆਪਣੇ ਹਲਫ਼ਨਾਮੇ ਵਿੱਚ ਇਹ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਇਸ ਲਈ ਉਨ੍ਹਾਂ ਦੀ ਚੋਣ ਰੱਦ ਹੋਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਚੋਣ ਲੜਨ ਵਾਲੇ ਉਮੀਦਵਾਰ ਲਈ ਆਪਣੇ ਵਿਰੁੱਧ ਦਰਜ ਕੇਸਾਂ ਅਤੇ ਉਸ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇਣਾ ਲਾਜ਼ਮੀ ਹੈ। ਲੋਕ ਨੁਮਾਇੰਦੇ ਕਾਨੂੰਨ ਤਹਿਤ ਇਸ ਨੂੰ ਲਾਜ਼ਮੀ ਕੀਤਾ ਗਿਆ ਹੈ। ਜੇ ਚੰਦੂਮਾਜਰਾ ਦਾ ਦੋਸ਼ ਹਾਈਕੋਰਟ ਵਿੱਚ ਸੱਚ ਸਾਬਤ ਹੋ ਜਾਂਦਾ ਹੈ ਤਾਂ ਨਿਯਮਾਂ ਮੁਤਾਬਕ ਹਰਮੀਤ ਸਿੰਘ ਦੀ ਚੋਣ ਰੱਦ ਹੋ ਸਕਦੀ ਹੈ। ਸੂਚਨਾ ਨੂੰ ਦਬਾਉਣ ਨਾਲ ਵਿਧਾਇਕ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਅਯੋਗ ਹੋ ਜਾਂਦੇ ਹਨ।