ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ‘ਆਪ’ ਦੇ ਵਿਧਾਇਕਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਰਾਸ਼ਟਰਪਤੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਇਸ ਮਾਮਲੇ ਵਿੱਚ ਸਿਫਾਰਿਸ਼ ਕੀਤੀ ਸੀ।
ਕਮੇਟੀ ਦੀ ਸਿਫਾਰਿਸ਼ ਮੁਤਾਬਕ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੂੰ ਸਰਾਕਰੀ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਨੂੰ ਸਹਾਇਤਾ ਪ੍ਰਦਾਨ ਕਰਨੀ ਹੈ, ਇਸ ਲਈ ਇਨ੍ਹਾਂ ਅਧਿਕਾਰੀਆਂ ਨੂੰ ਮੁੱਖ ਮਹਿਮਾਨ ਦੇ ਇੱਕ ਪਾਸੇ ਬਿਠਾਉਣਾ ਚਾਹੀਦੈ ਦੋਵੇਂ ਪਾਸੇ ਨਹੀਂ। ਜ਼ਿਕਰਯੋਗ ਹੈ ਕਿਪਿਛਲੇ ਸਾਲ 15 ਅਗਸਤ ਦੇ ਪ੍ਰੋਗਰਾਮ ਦੌਰਾਨ ਕਈ ਮੰਤਰੀਆਂ ਦੀ ਬਗਲ ਵਾਲੀ ਸੀਟ ‘ਤੇ ਵਿਧਾਇਕਾਂ ਦੀ ਥਾਂ ਸੀਨੀਅਰ ਅਧਿਕਾਰੀਆਂ ਦੀਆਂ ਪਤਨੀਆਂ ਅਤੇ ਕਰੀਬੀ ਰਿਸ਼ਤੇਦਾਰਾਂ ਨੂੰ ਬਿਠਾਇਆ ਗਿਆ ਸੀ। ਇਸ ਤਰ੍ਹਾਂ ਪ੍ਰੋਟੋਕਾਲ ਮੁਤਾਬਕ ਵਿਧਾਇਕਾਂ ਨੂੰ ਉਚਿਤ ਸਨਮਾਨ ਨਹੀਂ ਦਿੱਤਾ ਗਿਆ, ਜਿਸ ਨੂੰ ਲੈ ਕੇ ਵਿਧਾਇਕਾਂ ਨੇ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸ਼ਿਕਾਇਤ ਕੀਤੀ ਸੀ।
ਇਨ੍ਹਾਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕਈ ਅਧਿਕਾਰੀਆਂ ਨੂੰ ਤਲਬ ਕੀਤਾ ਸੀ। ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਹੈ ਕਿ ਕਮੇਟੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਵਿਧਾਇਕਾਂ ਨੂੰ ਪ੍ਰੋਟੋਕੋਲ ਮੁਤਾਬਕ ਬਣਦਾ ਮਾਣ-ਸਤਿਕਾਰ ਦੇਣ। ਕਮੇਟੀ ਨੇ ਕਿਹੜੇ-ਕਿਹੜੇ ਵਿਧਾਇਕਾਂ ਦੀਆਂ ਸ਼ਿਕਾਇਤਾਂ ‘ਤੇ ਇਹ ਕਾਰਵਾਈ ਕੀਤੀ, ਇਸ ਬਾਰੇ ਕੁਝ ਨਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਜੇ ਭਵਿੱਖ ‘ਚ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਇਹ ਵੀ ਪੜ੍ਹੋ : ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ IMF ਦੀਆਂ ਸ਼ਰਤਾਂ ਨੂੰ ਪੂਰਾ ਕਰਨ ਨੂੰ ਚੁੱਕੇ ਸਖਤ ਕਦਮ
ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰਾਂ ਨੇ ਨੰਗਲ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ ਪਰ ਪ੍ਰੋਟੋਕੋਲ ਮੁਤਾਬਕ ਵਿਧਾਇਕਾਂ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ ਸੀ। ਫਿਰ ਵਿਸ਼ੇਸ਼ ਅਧਿਕਾਰਾਂ ਦੀ ਕਮੇਟੀ ਨੇ ਸਪੀਕਰ ਨੂੰ ਸ਼ਿਕਾਇਤ ਕੀਤੀ ਅਤੇ ਸਪੀਕਰ ਦੇ ਨਿਰਦੇਸ਼ ‘ਤੇ ਪੰਜਾਬ ਵਿਧਾਨ ਸਭਾ ਪ੍ਰਸ਼ਾਸਨ ਨੇ ਸ਼ਿਕਾਇਤ ਗ੍ਰਹਿ ਸਕੱਤਰ ਨੂੰ ਭੇਜ ਕੇ ਜਵਾਬ ਮੰਗਿਆ। ਗ੍ਰਹਿ ਸਕੱਤਰ ਵੱਲੋਂ ਕੋਈ ਜਵਾਬ ਨਾ ਮਿਲਣ ‘ਤੇ ਵਿਸ਼ੇਸ਼ ਅਧਿਕਾਰ ਕਮੇਟੀ ਨੇ ਕਾਰਵਾਈ ਕੀਤੀ ਅਤੇ ਰਾਜ ਦੇ ਗ੍ਰਹਿ ਸਕੱਤਰ ਅਨੁਰਾਗ ਵਰਮਾ ਨੂੰ 18 ਅਕਤੂਬਰ ਨੂੰ ਵਿਧਾਨ ਸਭਾ ਸਕੱਤਰੇਤ ਵਿਖੇ ਵਿਧਾਇਕਾਂ ਦੀ ਕਮੇਟੀ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਜਾਰੀ ਕੀਤਾ।
ਵੀਡੀਓ ਲਈ ਕਲਿੱਕ ਕਰੋ -: