AAP Punjab in-charge : ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਤਾਬਦੀ ਸਮਾਰੋਹ ‘ਚ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ‘ਤੇ ਐਨ ਮੌਕੇ ‘ਤੇ ਕੇਂਦਰ ਵੱਲੋਂ ਰੋਕ ਲਗਾ ਦਿੱਤੀ ਗਈ ਜਿਸ ਦੀ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਿੰਦਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਸਿੱਖ ਜਥਿਆਂ ‘ਤੇ ਰੋਕ ਲਗਾਈ ਜਾਣ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਘੱਟ ਗਿਣਤੀਆਂ ਉੱਤੇ ਕਿਸੇ ਨਾ ਕਿਸੇ ਬਹਾਨੇ ਉਨ੍ਹਾਂ ਉੱਤੇ ਹਮਲੇ ਕਰਦੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਗੁਰੂਆਂ ਵੱਲੋਂ ਦਿਖਾਏ ਗਏ ਰਾਹਾਂ ਉੱਤੇ ਚਲਦਾ ਹੋਇਆ ਅੱਜ ਵੀ ਦੇਸ਼ ਦੀ ਹਰ ਵੱਡੀ ਤੋਂ ਵੱਡੀ ਮੁਸ਼ੀਬਤ ਸਮੇਂ ਡੱਟਕੇ ਅੱਗੇ ਖੜ੍ਹਿਆ ਹੈ।
‘ਆਪ’ ਦੇ ਪੰਜਾਬ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਬਹੁਤ ਸਾਰੇ ਸਿੱਖ ਨੌਜਵਾਨ ਦੇਸ਼ ਦੀਆਂ ਸਰਹੱਦਾਂ ‘ਤੇ ਦੇਸ਼ ਦੀ ਸੁਰੱਖਿਆ ਕਰ ਰਹੇ ਹਨ ਪਰ ਇਨ੍ਹਾਂ ਸਭ ਨੂੰ ਨਜ਼ਰਅੰਦਾਜ਼ ਕਰਦੇ ਹੋਏ ਕੇਂਦਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਐੱਸ. ਜੀ. ਪੀ. ਸੀ.ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ PM ਮੋਦੀ ਨੂੰ ਚਿੱਠੀ ਲਿਖੀ ਗਈ ਸੀ।
ਗ੍ਰਹਿ ਮੰਤਰਾਲੇ ਵੱਲੋਂ ਇੱਕ ਪੱਤਰ ਭੇਜਿਆ ਗਿਆ ਹੈ ਜਿਸ ‘ਚ ਉਨ੍ਹਾਂ ਦੱਸਿਆ ਕਿ ਕੋਵਿਡ-19 ਕਾਰਨ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਜਿਸ ਕਾਰਨ ਇਹ ਰੋਕ ਲਗਾਈ ਗਈ ਹੈ। ਬੀਬੀ ਜਗੀਰ ਕੌਰ ਨੇ ਇਸ ਫੈਸਲੇ ਨੂੰ ਸਹੀ ਨਹੀਂ ਠਹਿਰਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਨਵੰਬਰ ਮਹੀਨੇ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ। ਜੇਕਰ ਉਸ ਵਕਤ ਕੋਈ ਖਤਰਾ ਨਹੀਂ ਸੀ ਤਾਂ ਹੁਣ ਖਤਰਾ ਕਿਵੇਂ ਪੈਦਾ ਹੋ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਅਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਹੋਏ ਹਨ।