AAP to announce : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਸਹਿ ਇੰਚਾਰਜ ਬਣੇ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਰਟੀ ਜਲਦੀ ਹੀ ਰਾਜ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰੇਗੀ। ਆਪਣੀ ਪੰਜਾਬ ਫੇਰੀ ਮੌਕੇ ਰਾਘਵ ਚੱਢਾ ਸ਼ੁੱਕਰਵਾਰ ਨੂੰ ਹਰਿਮੰਦਰ ਸਾਹਿਬ ਅਤੇ ਦੁਗਿਆਨਾ ਮੰਦਰ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਹੋਰ ਵਿਧਾਇਕ ਵੀ ਸਨ। ਬਾਅਦ ਵਿੱਚ ਰਾਘਵ ਚੱਢਾ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਬੁਲਾਏ ਇੱਕ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਏ। ‘ਆਪ’ ਦੇ ਪੰਜਾਬ ਲਈ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਚੱਢਾ ਨੇ ਕਿਹਾ, ‘‘ ਉਹ ਕੋਈ ਅਜਿਹਾ ਵਿਅਕਤੀ ਹੋਵੇਗਾ ਜਿਸ ‘ਤੇ ਪੰਜਾਬ ਮਾਣ ਕਰ ਸਕਦਾ ਹੈ।
ਦਿੱਲੀ ਦੇ ਰਾਜੇਂਦਰ ਨਗਰ ਤੋਂ ‘ਆਪ’ ਵਿਧਾਇਕ ਅਤੇ ਪਾਰਟੀ ਦੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਕਿਹਾ, ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰੇਗੀ। ਪੰਜਾਬ ਦੇ ਲੋਕ ਆਪਣਾ ਮਨ ਬਣਾ ਚੁੱਕੇ ਹਨ ਕਿ ਇਕੋ ਪਾਰਟੀ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲੈ ਸਕਦੀ ਹੈ ਅਤੇ ਇਸ ਵਾਰ ਉਹ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਯਕੀਨੀ ਬਣਾਉਣਗੇ। ”
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਈ ਵਾਅਦੇ ਕੀਤੇ ਸਨ ਜਿਵੇਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨਾ, ਘਰ-ਘਰ ਰੋਜ਼ਗਾਰ, ਚਾਰ ਹਫਤਿਆਂ ‘ਚ ਡਰੱਗਜ਼ ਮਾਫੀਆ ਦਾ ਫੜੇ ਜਾਣਾ ਪਰ ਇਨ੍ਹਾਂ ‘ਚੋਂ ਇੱਕ ਵੀ ਪੂਰਾ ਨਹੀਂ ਹੋਇਆ। ਸੱਤਾ ਦੇ ਨਸ਼ੇ ‘ਚ ਚੂਰ ਕੈਪਟਨ ਆਪਣੇ ਲੋਕਾਂ ਨੂੰ ਭੁੱਲ ਗਏ ਅਤੇ ਆਪਣੇ ਸਾਰੇ ਵਾਅਦਿਆਂ ‘ਤੇ ਪਾਣੀ ਫੇਰ ਦਿੱਤਾ। ਰਾਘਵ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਲੀ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਖ਼ਾਸਕਰ ਪ੍ਰਭਾਵਿਤ ਹੋਏ ਹਨ ਜਿਸ ਕਾਰਨ ਲੋਕਾਂ ਦੀ ਪਸੰਦ ਹੁਣ ਆਪ ਸਰਕਾਰ ਬਣ ਗਈ ਹੈ।