ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਹਰੇਕ ਸਿਆਸੀ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਚੋਣ ਰੈਲੀਆਂ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਸਿਆਸਤ ‘ਚ ਲੰਮਾ ਤਜ਼ਰਬਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਵੀ ਸੂਬੇ ‘ਚ ਅਕਾਲੀ ਦਲ ਦੀ ਸਰਕਾਰ ਬਣੇਗੀ।
ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਪਿੰਡ ਲੁਹਾਰਾ ਅਤੇ ਚੱਕ ਮਿਡੂਖੇੜਾ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ। ਸਿਹਤ ਠੀਕ ਨਾ ਹੋਣ ਦੇ ਬਾਵਜੂਦ ਵੀ ਸ. ਬਾਦਲ ਨੇ ਹਲਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਇਸ ਮੌਕੇ ਸੰਬੋਧਨ ਕਰਦਿਆਂ ਦੱਸਿਆ ਕਿ ਮੈ ਅੱਜ ਦਾ ਲੰਬੀ ਹਲਕੇ ਵਿੱਚ ਨਹੀਂ ਆਉਂਦਾ ਮੈਂ 70 ਸਾਲਾ ਤੋਂ ਆ ਰਿਹਾਂ। ਉਨ੍ਹਾਂ ਕਿਹਾ ਮੈਂ ਹਲਕੇ ਦੇ ਲੋਕਾਂ ਨੂੰ ਚੰਗੀ ਤਰਾਂ ਜਾਣਦਾ ਹਾਂ। ਮੈਨੂੰ ਹਲਕਾ ਲੰਬੀ ਦੇ ਲੋਕਾਂ ‘ਤੇ ਮਾਣ ਹੈ ਕਿ ਉਹ ਹਮੇਸ਼ਾ ਪਾਰਟੀ ਦੇ ਨਾਲ ਖੜ੍ਹੇ ਹਨ।
ਜਦੋਂ ਸਾਬਕਾ ਮੁੱਖ ਮੰਤਰੀ ਤੋਂ ਸਵਾਲ ਪੁੱਛਿਆ ਗਿਆ ਕਿ ਸਿਆਣੀ ਉਮਰ ਵਿਚ ਉਨ੍ਹਾਂ ਦਾ ਮੁਕਾਬਲਾ ਨੌਜਵਾਨਾਂ ਦਾ ਹੈ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੇਰੀ ਡਿਊਟੀ ਲਗਾਈ ਗਈ ਹੈ ਤੇ ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹਾਂ ਕਿਉਂਕਿ ਮੈਂ ਲੰਬੀ ਹਲਕੇ ਨਾਲ ਪਿਛਲੇ ਕਾਫੀ ਲੰਮੇ ਅਰਸੇ ਤੋਂ ਜੁੜਿਆ ਹੋਇਆ ਹਾਂ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਇਸ ਮੌਕੇ ਸ. ਬਾਦਲ ਨੇ ਵਿਰੋਧੀ ਪਾਰਟੀਆਂ ‘ਤੇ ਵੀ ਜੰਮ ਕੇ ਨਿਸ਼ਾਨੇ ਸਾਧੇ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਸੂਬੇ ਦੇ ਖਜ਼ਾਨਾ ਮੰਤਰੀ ਦਾ ਰਿਸ਼ਤੇਦਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ ਤਾਂ ਉਨ੍ਹਾਂ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤ ਲਈ ਲੜਾਈਆਂ ਲੜੀਆਂ ਹਨ। ਦੂਜੀਆਂ ਪਾਰਟੀਆਂ ਨੂੰ ਸੂਬੇ ਨਾਲ ਕੋਈ ਲਗਾਵ ਨਹੀਂ। ਇਸ ਲਈ ਵੱਡੀ ਗਿਣਤੀ ਵਿਚ ਆਗੂ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ।